ETV Bharat / hukamnama

26 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

author img

By ETV Bharat Punjabi Team

Published : May 8, 2024, 6:23 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 8 May 2024
ਅੱਜ ਦਾ ਹੁਕਮਨਾਮਾ (ETV BHARAT)

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਬੁੱਧਵਾਰ, ੨੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੮ ਮਈ, ੨੦੨੪ (ਅੰਗ: ੬੬੮)

Daily Hukamnama Golden Temple 8 May 2024
ਅੱਜ ਦਾ ਹੁਕਮਨਾਮਾ (ETV BHARAT)

ਪੰਜਾਬੀ ਵਿਆਖਿਆ : ਧਨਾਸਰੀ ਮਹਲਾ ੪ ॥ ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.