ਪੰਜਾਬ

punjab

30 ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Daily Hukamnama

By ETV Bharat Punjabi Team

Published : Apr 12, 2024, 6:32 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 12 April 2024
Daily Hukamnama Golden Temple 12 April 2024

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਸ਼ੁੱਕਰਵਾਰ, ੩੦ ਚੇਤ (ਸੰਮਤ ੫੫੬ ਨਾਨਕਸ਼ਾਹੀ) ੧੨ ਅਪ੍ਰੈਲ, ੨੦੨੪ (ਅੰਗ: ੮੮੪)

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ :ਰਾਮਕਲੀ ਮਹਲਾ ੫ ॥ ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details