ਪੰਜਾਬ

punjab

26 ਫੱਗਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

By ETV Bharat Punjabi Team

Published : Mar 9, 2024, 6:30 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਸ਼ਨਿਚਰਵਾਰ, ੨੬ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੯ ਮਾਰਚ, ੨੦੨੪ (ਅੰਗ: ੬੭੨)

ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ:ਧਨਾਸਰੀ ਮਹਲਾ ੫ ॥ ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ABOUT THE AUTHOR

...view details