ਪੰਜਾਬ

punjab

ਅਧਿਕਾਰੀਆਂ ਨੂੰ ਸੀਐੱਮ ਮਾਨ ਦਾ ਹੁਕਮ, ਕਿਹਾ- ਗ਼ੈਰ ਕਾਨੂੰਨੀ ਕਲੋਨੀਆਂ ਵਿਰੁੱਧ ਚੁੱਕੇ ਜਾਣ ਸਖ਼ਤ ਕਦਮ

By ETV Bharat Punjabi Team

Published : Feb 7, 2024, 5:05 PM IST

Action against illegal colonies; ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਗ਼ੈਰ ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ ਹੈ। ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਇਤਿਹਾਸਕ ਫੈਸਲਾ ਵੀ ਲਿਆ ਗਿਆ।

strict action against illegal colonies
ਅਧਿਕਾਰੀਆਂ ਨੂੰ ਸੀਐੱਮ ਮਾਨ ਦਾ ਹੁਕਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਐਨ.ਓ.ਸੀ. ਦੀ ਸ਼ਰਤ ਖ਼ਤਮ: ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਗੈਰ ਕਾਨੰਨੀ ਕਾਲੋਨੀਆਂ ਵਿਰੁੱਧ ਕਾਰਵਾਈ: ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਢਿੱਲ ਬਰਦਾਸ਼ਤ ਨਹੀਂ:ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ। (ਪ੍ਰੈੱਸ ਨੋਟ)

ABOUT THE AUTHOR

...view details