ਪੰਜਾਬ

punjab

ਮਾਲ ਪਟਵਾਰੀ ਸੁਨੀਲ ਦੱਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ, 42,000 ਰੁਪਏ ਰਿਸ਼ਵਤ ਲੈਣ ਦਾ ਪਟਵਾਰੀ ਉੱਤੇ ਹੈ ਇਲਜ਼ਾਮ

By ETV Bharat Punjabi Team

Published : Feb 9, 2024, 8:47 PM IST

ਬੀਤੇ ਦਿਨੀ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ ਵਿਜੀਲੈਂਸ ਨੇ 42 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਮਾਲ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਹੈ।

Mal Patwari Sunil Dutt arrested by Punjab Vigilance Bureau
ਮਾਲ ਪਟਵਾਰੀ ਸੁਨੀਲ ਦੱਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

42,000 ਰੁਪਏ ਰਿਸ਼ਵਤ ਲਈ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।

ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਇਲਜ਼ਾਮ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਇਲਜ਼ਾਮ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ।

ABOUT THE AUTHOR

...view details