ਪੰਜਾਬ

punjab

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਕਰਾੜੇ ਦੀ ਠੰਢ ਤੇ ਕੋਹਰੇ ਦੀ ਮਾਰ, ਅਗਲੇ 5 ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ

By ETV Bharat Punjabi Team

Published : Jan 21, 2024, 7:45 AM IST

Weather Update: ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉੱਤਰੀ ਭਾਰਤ ਦੇ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ 'ਚ ਠੰਢ ਦੇ ਕਹਿਰ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।

Weather Forecast
Weather Forecast

ਚੰਡੀਗੜ੍ਹ: ਉੱਤਰੀ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਬੇਹੱਦ ਠੰਢ ਪੈ ਰਹੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਫਿਰ ਪਈ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਜਾਰੀ ਰਹੇਗੀ। IMD ਨੇ ਆਪਣੇ ਤਾਜ਼ਾ ਬੁਲੇਟਿਨ 'ਚ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਅਗਲੇ 4 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਸ਼ੀਤ ਲਹਿਰ ਵੀ ਤੁਹਾਨੂੰ ਸਵੇਰੇ ਅਤੇ ਰਾਤ ਨੂੰ ਜ਼ਿਆਦਾ ਪ੍ਰਭਾਵਿਤ ਕਰੇਗੀ।

ਅਜੇ ਰਾਹਤ ਦੀ ਨਹੀਂ ਉਮੀਦ: ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਖੇਤਰਾਂ ਵਿੱਚ ਅਗਲੇ 4 ਤੋਂ 5 ਦਿਨਾਂ ਤੱਕ ਕੜਾਕੇ ਦੀ ਠੰਢ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਠੰਢ ਜਾਰੀ ਰਹੇਗੀ। ਦਿੱਲੀ, ਯੂਪੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਸੀਤ ਲਹਿਰ ਜਾਰੀ ਹੈ। ਹਿਮਾਚਲ, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਬੀਤੇ ਦਿਨ ਦਾ ਹਾਲ:ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਦਾ ਕਹਿਰ ਬਰਕਰਾਰ ਰਿਹਾ ਅਤੇ ਪਟਿਆਲਾ ਵਿੱਚ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਗੁਆਂਢੀ ਰਾਜਾਂ 'ਚ ਕਈ ਥਾਵਾਂ 'ਤੇ ਧੁੰਦ ਦੇਖਣ ਨੂੰ ਮਿਲੀ, ਜਦਕਿ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਿਹਾ।

ਦਿੱਲੀ ਦਾ ਮੌਸਮ:ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇਕ ਡਿਗਰੀ ਜ਼ਿਆਦਾ ਹੈ। ਆਈਐਮਡੀ ਨੇ ਕਿਹਾ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ ਭਰ ਲਈ ਸੰਘਣੀ ਧੁੰਦ ਦਾ ‘ਆਰੇਂਜ ਅਲਰਟ’ ਜਾਰੀ ਕੀਤਾ ਸੀ।

ਹਿਮਾਚਲ ਪ੍ਰਦੇਸ਼ ਦਾ ਮੌਸਮ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਆਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਤੋਂ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੀਆਂ। ਰੈਗੂਲਰ ਕਲਾਸਾਂ ਪਹਿਲਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਦੀਆਂ ਸਨ। ਊਨਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੜਾਕੇ ਦੀ ਸਰਦੀ ਦੇ ਦੌਰਾਨ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਉਚੇਰੀ ਸਿੱਖਿਆ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਕੂਲ ਦਾ ਸਮਾਂ ਬਦਲਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਮੌਸਮ ਵਿਭਾਗ ਅਨੁਸਾਰ 22 ਜਨਵਰੀ ਤੱਕ ਸੂਬੇ ਦੇ ਹੇਠਲੇ ਪਹਾੜੀ ਅਤੇ ਮੈਦਾਨੀ ਇਲਾਕਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ABOUT THE AUTHOR

...view details