ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਦਾ ਮਾਮਲਾ: 'ਆਪ' ਨੇ ਘੇਰੇ ਭਾਜਪਾ ਦਫ਼ਤਰ, ਹੋਇਆ ਹੰਗਾਮਾ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭਾਜਪਾ ਦਫਤਰਾਂ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਪੜ੍ਹੋ ਪੂਰੀ ਖਬਰ...
Published : September 1, 2026 at 2:31 PM IST
ਲੁਧਿਆਣਾ/ਅੰਮ੍ਰਿਤਸਰ/ਬਠਿੰਡਾ: 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਅੰਤਿਮ ਅਰਦਾਸ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸ਼ਾਮਲ ਹੋਣ ਦੇ ਮਾਮਲੇ 'ਤੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਭਾਜਪਾ ਦਫਤਰਾਂ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਲੁਧਿਆਣਾ ਵਿੱਚ ਭਾਜਪਾ ਦਫਤਰ ਦਾ ਘਿਰਾਓ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ
ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਿਨਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਤੋੜ ਦਿੱਤਾ ਅਤੇ ਭਾਜਪਾ ਦਫਤਰ ਦੇ ਬਾਹਰ ਪਹੁੰਚ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੌਰਾਨ ਮਾਮੂਲੀ ਝੜਪ ਹੋਈ। ਜਦੋਂ ਪ੍ਰਦਰਸ਼ਨਕਾਰੀ ਭਾਜਪਾ ਦਫਤਰ ਪਹੁੰਚੇ ਤਾਂ ਦੋਵਾਂ ਪਾਰਟੀਆਂ ਦੇ ਵਰਕਰ ਇੱਕ ਦੂਜੇ ਨੂੰ ਚੁਣੌਤੀ ਦਿੰਦੇ ਹੋਏ ਦਿਖਾਈ ਦਿੱਤੇ।
ਮਾਹੌਲ ਤਣਾਅਪੂਰਨ
ਪ੍ਰਦਰਸ਼ਨ ਦੌਰਾਨ ਭਾਜਪਾ ਦੇ ਕੌਂਸਲਰ ਅਤੇ ਹੋਰ ਵਰਕਰ ਦਫ਼ਤਰ ਵਿੱਚ ਮੌਜੂਦ ਸਨ। ਜਿਨਾਂ ਨੇ ਬਾਹਰ ਆ ਕੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਖਿਲਾਫ ਨਾਅਰੇਬਾਜ਼ੀ ਸ਼ੁਰੂ ਕੀਤੀ। ਜਿਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਭਾਜਪਾ ਆਗੂਆਂ ਨੇ ਇਲਜ਼ਾਮ ਲਗਾਏ ਕੇ ਸਾਨੂੰ ਦਫ਼ਤਰ ਵਿੱਚ ਬੰਦ ਕਰ ਦਿੱਤਾ ਗਿਆ। ਜਦੋਂ ਕਿ ਪੁਲਿਸ ਇਨ੍ਹਾਂ ਦੇ ਨਾਲ ਮਿਲੀ ਹੋਈ ਹੈ, ਬੈਰੀਕੇਡਿੰਗ ਵੀ ਇਨ੍ਹਾਂ ਨੂੰ ਰੋਕ ਨਹੀਂ ਸਕੀ।
"ਭਾਜਪਾ ਦਾ ਦੋਗਲਾ ਚਿਹਰਾ"
ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ"ਭਾਜਪਾ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ, ਜੋ ਸਿੱਖਾਂ ਦੇ ਹਿਤਾਸ਼ੀ ਹੋਣ ਦੀ ਗੱਲ ਕਰਦੇ ਸਨ ਅੱਜ ਉਹ ਸਿੱਖਾਂ ਦੇ ਕਾਤਲਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ, ਇਹ ਬੜੀ ਹੀ ਮੰਦਭਾਗੀ ਗੱਲ ਹੈ। ਅਸੀਂ ਆਪਣਾ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਹਾਂ। ਪੁਲਿਸ ਨੇ ਤਾਂ ਆਪਣੀ ਡਿਊਟੀ ਕਰਨੀ ਸੋ ਉਹ ਆਪਣਾ ਕੰਮ ਕਰ ਰਹੇ ਹਨ।"
ਉੱਥੇ ਹੀ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਤਿੰਨੇ ਮੈਂਬਰ ਪਾਰਲੀਮੈਂਟਾਂ ਤੋਂ ਅਸਤੀਫਾ ਲੈਣਾ ਚਾਹੀਦਾ ਹੈ। ਬੀਜੇਪੀ ਦਾ ਅਸਲ ਚਿਹਰਾ ਸਾਹਮਣੇ ਆਇਆ ਹੈ। ਇਨ੍ਹਾਂ ਦਾ ਬਹੁਤ ਹੀ ਮਾੜਾ ਇਤਿਹਾਸ ਹੈ। ਇਸ ਦੌਰਾਨ ਦੋਵਾਂ ਪਾਸਿਓਂ ਕਾਫੀ ਹੰਗਾਮਾ ਵੀ ਹੋਇਆ।
ਭਾਜਪਾ ਆਗੂ ਦਾ ਆਪ 'ਤੇ ਵਾਰ
ਭਾਜਪਾ ਆਗੂ ਗੁਰਦੀਪ ਗੋਸ਼ਾਂ ਨੇ ਕਿਹਾ ਕਿ ਪ੍ਰਧਾਨ "ਮੰਤਰੀ ਨਰੇਂਦਰ ਮੋਦੀ ਦੇ ਆਉਣ ਤੋਂ ਬਾਅਦ ਹੀ 84 ਦੇ ਕਾਤਲਾਂ ਨੂੰ ਸਜ਼ਾ ਦਿਵਾਈ ਗਈ। ਇਹ ਆਮ ਆਦਮੀ ਪਾਰਟੀ ਵਾਲੇ ਖੁਦ ਕਾਂਗਰਸ ਦੇ ਨਾਲ ਗਠਜੋੜ ਕਰਕੇ ਚੋਣਾਂ ਲੜਦੇ ਹਨ ਅਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕਰਦੇ ਹਨ, ਕਿਉਂਕਿ ਇਹ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਬੀਤੇ ਦਿਨ ਇਹ ਬੁਰੀ ਤਰ੍ਹਾਂ ਹਾਰੇ ਹਨ। ਇਸ ਗੱਲ 'ਤੇ ਪਰਦੇ ਪਾਉਣ ਲਈ ਇਸ ਤਰ੍ਹਾਂ ਦੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਦੇ ਆਗੂ ਜੇਲ੍ਹ ਵਿੱਚ ਬੈਠੇ ਹਨ।"
ਅੰਮ੍ਰਿਤਸਰ ਵਿੱਚ ਵੀ AAP ਆਗੂਆਂ ਵੱਲੋਂ ਧਰਨਾ ਦਿੱਤਾ ਗਿਆ
ਅੰਮ੍ਰਿਤਸਰ ਵਿੱਚ ਵੀ AAP ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਆਗੂ ਤਰੁਣ ਚੁੱਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨ ਨੂੰ ਦੇਖਦੇ ਹੋਏ ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।
ਭਾਜਪਾ ’ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ
ਅੰਮ੍ਰਿਤਸਰ ਸੈਂਟਰਲ ਤੋਂ AAP ਵਿਧਾਇਕ ਡਾ. ਅਜੈ ਗੁਪਤਾ ਨੇ ਭਾਜਪਾ ’ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ "1984 ਦੇ ਦਿੱਲੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਇਲਜ਼ਾਮ ਠਹਿਰਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਜਿਹੇ ਵਿੱਚ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦਾ ਪਹੁੰਚ ਕੇ ਸ਼ੋਕ ਪ੍ਰਗਟ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।"
"ਪਾਰਟੀ ਉਨ੍ਹਾਂ ਲੋਕਾਂ ਦੇ ਨਾਲ ਖੜ੍ਹੀ ਹੈ ਜਾਂ ਉਨ੍ਹਾਂ ਦੇ ਵਿਰੋਧ ਵਿੱਚ, ਜਿਨ੍ਹਾਂ ’ਤੇ ਸਿੱਖਾਂ ਦੀ ਹੱਤਿਆ ਅਤੇ ਪਰਿਵਾਰਾਂ ਨੂੰ ਉਜਾੜਨ ਦੇ ਇਲਜ਼ਾਮ ਲੱਗੇ ਸਨ। ਭਾਜਪਾ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।"-ਡਾ. ਅਜੈ ਗੁਪਤਾ, AAP ਵਿਧਾਇਕ
ਭਾਜਪਾ ’ਤੇ ਸਾਧਿਆ ਨਿਸ਼ਾਨਾ
AAP ਵਿਧਾਇਕ ਜੀਵਨਜੋਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਰਬਜੋਤ ਸਿੰਘ ਧਨਜਲ ਨੇ ਵੀ ਭਾਜਪਾ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ "ਸਮੇਂ-ਸਮੇਂ ’ਤੇ ਭਾਜਪਾ ਦਾ ਪੰਜਾਬ ਅਤੇ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਰਿਹਾ ਹੈ। ਜੇਕਰ ਭਾਜਪਾ ਸਿੱਖਾਂ ਦੇ ਨਾਲ ਖੜ੍ਹੀ ਹੈ ਤਾਂ ਉਸ ਨੂੰ 1984 ਦੇ ਮਾਮਲਿਆਂ ਬਾਰੇ ਵੀ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ।"AAP ਆਗੂਆਂ ਨੇ ਕਿਹਾ ਕਿ ਕੁਝ ਭਾਜਪਾ ਆਗੂ ਸੱਜਣ ਕੁਮਾਰ ਦੇ ਘਰ ਸ਼ੋਕ ਪ੍ਰਗਟ ਕਰਨ ਲਈ ਪਹੁੰਚੇ ਸਨ। ਇਸ ਮਾਮਲੇ ਨੂੰ ਲੈ ਕੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਸਵਾਲ ਉਠਾਏ ਜਾਣ ਦਾ AAP ਆਗੂਆਂ ਨੇ ਜ਼ਿਕਰ ਕੀਤਾ।
ਸਿਆਸਤ ਵਿੱਚ ਦੋਸ਼-ਪ੍ਰਤੀਦੋਸ਼ ਦਾ ਦੌਰ
ਅੰਮ੍ਰਿਤਸਰ ਵਿੱਚ ਹੋਏ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਫਿਲਹਾਲ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਭਾਜਪਾ ਆਗੂਆਂ ਦੇ ਪਹੁੰਚਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਦੋਸ਼-ਪ੍ਰਤੀਦੋਸ਼ ਦਾ ਦੌਰ ਤੇਜ਼ ਹੋ ਗਿਆ ਹੈ ਅਤੇ AAP ਨੇ ਭਾਜਪਾ ਤੋਂ ਇਸ ਮਾਮਲੇ ’ਤੇ ਆਪਣਾ ਸਪੱਸ਼ਟ ਸਟੈਂਡ ਸਾਹਮਣੇ ਰੱਖਣ ਦੀ ਮੰਗ ਕੀਤੀ ਹੈ।
ਬਠਿੰਡਾ ਵਿੱਚ ਵੀ ਭਾਜਪਾ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂ ਅਤੇ ਵਰਕਰ ਬਠਿੰਡਾ ਵਿਖੇ ਭਾਜਪਾ ਦਫ਼ਤਰ ਦੇ ਬਾਹਰ ਇਕੱਠੇ ਹੋਏ। ਇਸ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਘਿਰਾਓ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਮੌਕੇ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਭਾਜਪਾ ਨੂੰ ਚਿਤਾਵਨੀ
ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ "ਬੀਤੇ ਦਿਨੀ ਸਿੱਖ ਕਤਲੇਆਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਭਾਜਪਾ ਦੇ ਐਮਪੀ ਅਤੇ ਵਿਧਾਇਕ ਪਹੁੰਚੇ ਸਨ ਇੱਕ ਪਾਸੇ ਇਹ ਆਪਣੇ ਆਪ ਨੂੰ ਸਿੱਖਾਂ ਦਾ ਹਮਾਇਤੀ ਦੱਸਦੇ ਹਨ। ਦੂਸਰੇ ਪਾਸੇ ਇਹ ਸਿੱਖਾਂ ਦੇ ਕਾਤਲਾਂ ਨੂੰ ਸ਼ਰਧਾਂਜਲੀ ਦਿੰਦੇ ਹਨ। ਜਿਸ ਤੋਂ ਸਾਫ ਹੈ ਜਾਹਿਰ ਹੈ ਕਿ ਭਾਜਪਾ ਦੋਗਲੀ ਨੀਤੀ ਖੇਡ ਰਹੀ ਹੈ। ਜਿਸ ਵੱਲੋਂ ਸਿੱਖਾਂ ਦੇ ਜਖਮਾਂ 'ਤੇ ਲੂਣ ਛਿੜਕਣ ਲਈ ਅਜਿਹੀਆਂ ਕੋਝੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦੇ ਵਿਰੋਧ ਵਿੱਚ ਹੀ ਅੱਜ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।"
ਭਾਜਪਾ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਸਿੱਖਾਂ ਦੇ ਜਖਮਾਂ 'ਤੇ ਨਮਕ ਨਾ ਛਿੜਕਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।