ਪੰਜਾਬ

punjab

ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

By

Published : May 8, 2021, 9:48 PM IST

ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ। ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਖੇਤੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਾਂਹਵਧੂ ਕਿਸਾਨਾਂ ਦੀ ਮੱਦਦ ਨਾਲ ਕਲੱਸਟਰ ਬਣਾ ਕੇ ਦਿੱਤੇ ਮਿੱਥੇ ਹੋਏ ਟੀਚੇ ਪੂਰੇ ਕੀਤੇ ਜਾਣ

ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ
ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ

ਚੰਡੀਗੜ੍ਹ :ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ। ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਖੇਤੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਾਂਹਵਧੂ ਕਿਸਾਨਾਂ ਦੀ ਮੱਦਦ ਨਾਲ ਕਲੱਸਟਰ ਬਣਾ ਕੇ ਦਿੱਤੇ ਮਿੱਥੇ ਹੋਏ ਟੀਚੇ ਪੂਰੇ ਕੀਤੇ ਜਾਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਨਿੱਜੀ ਤੌਰ ਉਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਵਿਧੀ ਅਧੀਨ ਝੋਨੇ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ।

ਇਸ ਮੌਕੇ ਸੂਬੇ ਦੇ ਸਾਰੇ ਬਲਾਕਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫਤਰਾਂ ਰਾਹੀਂ ਲਗਪਗ 700 ਕਿਸਾਨਾਂ ਨੇ ਹਿੱਸਾ ਲਿਆ, ਜਿਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮਾਹਿਰਾਂ ਵੱਲੋਂ ਮੌਕੇ ਉਤੇ ਕਿਸਾਨਾਂ ਦੀਆਂ ਇਸ ਵਿਧੀ ਸਬੰਧੀ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਦੌਰਾਨ ਖੇਤੀਬਾੜੀ ਕਮਿਸ਼ਨਰ ਡਾ. ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ ਅਤੇ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਲੇਬਰ ਦੀ ਘਾਟ ਕਾਰਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਾਲ ਸਰਕਾਰ ਵੱਲੋਂ 25 ਮਈ ਤੋਂ 2 ਜੂਨ ਤੱਕ ਇਸ ਵਿਧੀ ਲਈ ਭਰਵੀਂ ਰੌਣੀ ਕਰਨ ਲਈ ਸਪੈਸ਼ਲ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਸਾਲ ਸੂਬੇ ਵਿੱਚ ਲਗਭਗ 5 ਲੱਖ ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਇਸ ਸਾਲ ਇਸ ਵਿਧੀ ਅਧੀਨ 12 ਲੱਖ ਹੈਕਟੇਅਰ ਰਕਬਾ ਲਿਆਉਣ ਦੇ ਟੀਚੇ ਮਿੱਥੇ ਗਏ ਹਨ। ਉਹਨ੍ਹਾਂ ਅੱਗੇ ਦੱਸਿਆ ਕਿ ਇਸ ਵਿਧੀ ਨੂੰ ਪ੍ਰਫੁੱਲਤ ਕਰਨ ਲਈ ਸੂਬੇ ਵਿੱਚ 10 ਪਿੰਡਾਂ ਦੇ ਕਲੱਸਟਰ ਵਿੱਚ ਇੱਕ ਕੈਂਪ ਲਾ ਕੇ ਜਿੱਥੇ ਸਾਇੰਸਦਾਨਾਂ ਨੇ ਵਿਚਾਰ ਸਾਂਝੇ ਕੀਤੇ, ਉਥੇ ਸਫਲ ਕਿਸਾਨਾਂ ਵੱਲੋਂ ਵੀ ਇਨ੍ਹਾਂ ਕੈਂਪਾਂ ਵਿੱਚ ਆਪਣੀ ਸਫਲਤਾ ਬਾਰੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਇਨ੍ਹਾਂ ਖੇਤਾਂ ਵਿੱਚ ਬਰਸਾਤਾਂ ਦਾ ਪਾਣੀ ਵੀ ਜਿਆਦਾ ਜਜਬ ਹੁੰਦਾ ਹੈ।

ਮੀਟਿੰਗ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਵੱਲੋਂ ਪੇਸ਼ਕਾਰੀ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਤਕਨੀਕੀ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਧੀ ਨੂੰ ਕਾਮਯਾਬ ਕਰਨ ਲਈ ਜ਼ਮੀਨ ਨੂੰ ਤਰ-ਵੱਤਰ ਅਤੇ ਲੇਜ਼ਰ ਲੈਵਲ ਕਰਨਾ ਬਹੁਤ ਜ਼ਰੂਰੀ ਹੈ ਅਤੇ ਬਿਜਾਈ ਸਮੇਂ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰਨੀ ਜ਼ਰੂਰੀ ਹੈ। ਫਸਲ ਵਿਗਿਆਨੀ ਡਾ. ਜਸਬੀਰ ਸਿੰਘ ਗਿੱਲ ਵੱਲੋਂ ਸਿੱਧੀ ਬਿਜਾਈ ਦੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ।

ABOUT THE AUTHOR

...view details