ਪੰਜਾਬ

punjab

ਝੋਨੇ ਦੀ ਖਰੀਦ ਬੰਦ ਕਰਨ ਦਾ ਹੁਕਮ ਚੰਨੀ ਸਰਕਾਰ ਦਾ ਤੁਗਲਕੀ ਫੁਰਮਾਨ: ਹਰਪਾਲ ਚੀਮਾ

By

Published : Nov 10, 2021, 12:40 PM IST

ਪੰਜਾਬ ਵਿੱਚ ਝੋਨੇ ਦੀ ਖਰੀਬ ਬੰਦ ਕਰਨ ਦੇ ਹੁਕਮਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਸੂਬਾ ਸਰਕਾਰ (State Government) ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਹਰਪਾਲ ਚੀਮਾ (Harpal Cheema) ਵੱਲੋਂ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਹਨ ਅਤੇ ਝੋਨੇ ਦੀ ਖਰੀਦ ਜਾਰੀ ਰੱਖਣ ਦੀ ਮੰਗ ਕੀਤੀ ਗਈ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਝੋਨੇ ਦੀ ਖਰੀਦ ਬੰਦ ਕਰਨ ਦਾ ਹੁਕਮ ਚੰਨੀ ਸਰਕਾਰ ਦਾ ਤੁਗਲਕੀ ਫੁਰਮਾਨ: ਹਰਪਾਲ ਚੀਮਾ
ਝੋਨੇ ਦੀ ਖਰੀਦ ਬੰਦ ਕਰਨ ਦਾ ਹੁਕਮ ਚੰਨੀ ਸਰਕਾਰ ਦਾ ਤੁਗਲਕੀ ਫੁਰਮਾਨ: ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ((Harpal Cheema)) ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮਾਂ ਨੂੰ ਤੁਗ਼ਲਕੀ ਫ਼ੁਰਮਾਨ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੀਆਂ ਸਰਕਾਰੀ ਮੰਡੀਆਂ ’ਚ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਮੌਸਮ ਦੇ ਖ਼ਰਾਬੇ ਕਾਰਨ ਇਸ ਵਾਰ ਝੋਨੇ ਦੀ ਪਕਾਈ ਅਤੇ ਕਟਾਈ ’ਚ ਦੇਰੀ ਹੋਈ ਹੈ ਜਿਸ ਕਾਰਨ ਅਜੇ ਵੀ ਕਰੀਬ 20 ਫ਼ੀਸਦੀ ਫ਼ਸਲ ਮੰਡੀਆਂ ਵਿੱਚ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਝੋਨੇ ਦੀ ਫ਼ਸਲ ਦੀ ਕਟਾਈ ਵਿੱਚ ਹੋਈ ਦੇਰੀ ਦੇ ਬਾਵਜੂਦ ਮੋਦੀ ਸਰਕਾਰ ਅਤੇ ਚੰਨੀ ਸਰਕਾਰ ਜਾਣਬੁੱਝ ਕੇ ਸਰਕਾਰੀ ਮੰਡੀਆਂ ਵਿੱਚ ਖ਼ਰੀਦ ਬੰਦ ਕਰ ਰਹੀਆਂ ਹਨ ਤਾਂ ਜੋ ਬਾਹਰੀ ਰਾਜਾਂ ਤੋਂ ਚੋਰੀ ਛਿਪੇ ਲਿਆਂਦਾ ਝੋਨਾ ਫ਼ਰਜੀਵਾੜੇ ਨਾਲ ਪੰਜਾਬ ਦੇ ਖ਼ਾਤੇ ’ਚ ਖਪਾਇਆ ਜਾ ਸਕੇ। ਚੀਮਾ ਨੇ ਕਿਹਾ ਕਿ ਇਸ ਦਾ ਮਾਰੂ ਨਤੀਜਾ ਇਹ ਨਿਕਲੇਗਾ ਕਿ ਕਿਸਾਨ ਪ੍ਰੇਸ਼ਾਨ ਹੋ ਕੇ ਆਪਣੀ ਫ਼ਸਲ ਕਾਰਪੋਰੇਟਰਾਂ ਅਤੇ ਨਿੱਜੀ ਖ਼ਰੀਦਦਾਰਾਂ ਕੋਲ ਐਮ.ਐਸ.ਪੀ. ਤੋਂ ਥੱਲੇ ਵੇਚਣ ਲਈ ਮਜ਼ਬੂਰ ਹੋਵੇਗਾ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਪੰਜਾਬ ਵਿੱਚ ਬੇਮੌਸਮੇ ਮੀਂਹ ਪੈਣ ਕਾਰਨ ਝੋਨੇ ਦੀ ਕਟਾਈ ਵਿੱਚ ਦੇਰੀ ਹੋਈ ਹੈ। ਸੂਬੇ ਭਰ ਵਿੱਚ ਕਰੀਬ 20 ਫ਼ੀਸਦੀ ਝੋਨੇ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ। ਪਰ ਪੰਜਾਬ ਸਰਕਾਰ ਨੇ ਸਰਕਾਰੀ ਮੰਡੀਆਂ ਵਿੱਚੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਹੁਕਮ ਜਾਰੀ ਕਰਕੇ ਆਪਣੇ ਆਪ ਨੂੰ ਕਿਸਾਨ ਵਿਰੋਧੀ ਹੋਣ ਦਾ ਸਰਟੀਫ਼ਿਕੇਟ ਪੇਸ਼ ਕਰ ਦਿੱਤਾ ਹੈ।’’ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਲਈ ਕੁਦਰਤੀ ਆਫ਼ਤ ਸਮੇਤ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ, ਜਿੰਨਾਂ ਅਧੂਰੇ ਪ੍ਰਬੰਧਾਂ ਨਾਲ ਅਤੇ ਦੇਰੀ ਨਾਲ ਖ਼ਰੀਦ ਸ਼ੁਰੂ ਕੀਤੀ। ਪਰ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਪੰਜਾਬ ਦੇ ਕਿਸਾਨਾਂ ਨੂੰ ਸਜ਼ਾਵਾਂ ਦੇਣ ਲੱਗੀਆਂ ਹੋਈਆਂ ਹਨ।

ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਦੀਆਂ ਸਰਕਾਰੀ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੀ ਕਾਰਵਾਈ ਇੱਕ ਸਾਜਿਸ਼ ਦਾ ਸਿੱਟਾ ਪ੍ਰਤੀਤ ਹੁੰਦੀ ਹੈ ਅਤੇ ਇਸ ਸਾਜਿਸ਼ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮੋਦੀ ਸਰਕਾਰ ਸੂਬੇ ਦੀਆਂ ਸਰਕਾਰੀ ਮੰਡੀਆਂ ਨੂੰ ਤਬਾਹ ਕਰਨ ਦੀ ਤਿਆਰੀ ਕਰ ਰਹੀ ਹੈ ਦੂਜੇ ਪਾਸੇ ਪੰਜਾਬ ਸਰਕਾਰ ਬਾਹਰਲੇ ਸੂਬਿਆਂ ਤੋਂ ਲਿਆ ਕੇ ਪੰਜਾਬ ਵਿੱਚ ਵੇਚੇ ਗਏ ਝੋਨੇ ਦੇ ਅੰਕੜਿਆਂ ਛੁਪਾਉਣ ਅਤੇ ਝੋਨਾ ਮਾਫ਼ੀਆ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

‘ਆਪ’ ਆਗੂ ਨੇ ਕਿਹਾ ਕਿ ਜਦੋਂ ਕੇਂਦਰ ਵੱਲੋਂ 30 ਨਵੰਬਰ ਤੱਕ ਖ਼ਰੀਦ ਦੀ ਮਨਜ਼ੂਰੀ ਹੈ ਤਾਂ ਪੰਜਾਬ ਸਰਕਾਰ 11 ਨਵੰਬਰ ਨੂੰ ਹੀ ਮੰਡੀਆਂ ਬੰਦ ਕਰਨ ਦਾ ਫ਼ੈਸਲਾ ਕਿਸ ਆਧਾਰ ’ਤੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਲਈ ਘਾਤਕ ਸਾਬਿਤ ਹੋਵੇਗੀ। ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਜਾਰੀ ਰੱਖੀ ਜਾਵੇ ਤਾਂ ਜੋ ਕਿਸਾਨਾਂ ਦੀ ਕਾਰਪੋਰੇਟਰਾਂ ਹੱਥੋਂ ਲੁੱਟ ਨਾ ਹੋਵੇ ਅਤੇ ਬਾਹਰਲੇ ਸੂਬਿਆਂ ਤੋਂ ਝੋਨਾ ਲਿਆ ਕੇ ਮੰਡੀਆਂ ’ਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:ਮੰਤਰੀ ਰਾਣਾ ਗੁਰਜੀਤ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ, ਪੁਲਿਸ ਮੁਲਾਜ਼ਮ ’ਤੇ ਲੱਗੇ ਗੰਭੀਰ ਇਲਜ਼ਾਮ

ABOUT THE AUTHOR

...view details