ਪੰਜਾਬ

punjab

ਖੇਤੀ ਕਾਨੂੰਨਾਂ ਦੇ ਇੱਕ ਸਾਲ ਹੋਣ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਘੇਰੀ ਮੋਦੀ ਸਰਕਾਰ

By

Published : Sep 17, 2021, 9:57 PM IST

ਖੇਤੀ ਕਾਨੂੰਨਾਂ ਦੇ ਇੱਕ ਸਾਲ ਹੋਣ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਘੇਰੀ ਮੋਦੀ ਸਰਕਾਰ
ਖੇਤੀ ਕਾਨੂੰਨਾਂ ਦੇ ਇੱਕ ਸਾਲ ਹੋਣ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਘੇਰੀ ਮੋਦੀ ਸਰਕਾਰ ()

ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ( Farm Law), ਜਿਨ੍ਹਾਂ ਨੂੰ ਹੋਂਦ ਵਿੱਚ ਆਇਆਂ ਅੱਜ ਇੱਕ ਸਾਲ ਪੂਰਾ ਹੋ ਚੁੱਕਿਆ ਹੈ। ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ਉੱਪਰ ਪਿਛਲੇ ਕਈ ਮਹੀਨੀਆਂ ਤੋਂ ਧਰਨਾ ਦੇ ਰਹੇ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਇੱਕੋ-ਇੱਕ ਮੰਗ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ:ਖੇਤੀ ਕਾਨੂੰਨਾਂ ਨੂੰ ਬਣਿਆਂ ਨੂੰ ਇੱਕ ਸਾਲ ਹੋਣ ਅਤੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਲੈਕੇ ਕਿਸਾਨਾਂ ਦੇ ਨਾਲ-ਨਾਲ ਅੱਜ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਤੇ ਕੇਂਦਰ ਸਰਕਾਰ ਉੱਪਰ ਕਈ ਤਰ੍ਹਾਂ ਸਵਾਲ ਚੁੱਕੇ ਗਏ। ਪੀਐੱਮ ਮੋਦੀ ਜਨਮ ਦਿਨ ਮੌਕੇ ਪੰਜਾਬ ਦੀਆਂ ਸਿਆਸੀ ਪਾਰਟੀਆਂਂ ਦੇ ਵੱਲੋਂ ਵੱਖ-ਵੱਖ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

No Farmer No Food-ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੇ ਆਵਾਮ ਦੀ ਆਵਾਜ਼ ਵਿੱਚ ਆਪਣੀ ਆਵਾਜ਼ ਮਿਲਾ ਦਿੱਤੀ। ਉਂਜ ਉਹ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਉਹ ਵਿਰੋਧ ਕਰ ਰਹੇ ਹਨ ਪਰ ਅੱਜ ਉਨ੍ਹਾਂ ਖੁਦ ਵੀ ਜਨਤਕ ਤੌਰ ‘ਤੇ ਕਿਸਾਨੀ ਰੂਪ ਵਿੱਚ ਦਿਖੇ। ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਬਾਰੇ ਬਿਆਨ ਨੂੰ ਲੈ ਕੇ ਦੂਜੀ ਪਾਰਟੀਆਂ ਦੇ ਨਿਸ਼ਾਨੇ ‘ਤੇ ਰਹੇ ਹਨ ਤੇ ਅਜਿਹੇ ਮਹੌਲ ਵਿੱਚ ਕੈਪਟਨ ਨੇ ਕਿਸਾਨ ਮੇਲੇ ਦਾ ਉਦਘਾਟਨ ਕਰਨ ਮੌਕੇ ‘ਨੋ ਫਾਰਮਰ ਨੋ ਫੂਡ‘ (No Farmer No Food) ਦਾ ਬੈਚ ਲਗਾਇਆ। ਇਸਦੇ ਨਾਲ ਹੀ ਸੂਬੇ ਦੇ ਵਿੱਚ ਵੀ ਕਾਂਗਰਸ ਦੇ ਵੱਲੋਂ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਕਾਲੀ ਦਲ ਵੱਲੋਂ ਦਿੱਲੀ ਚ ਰੋਸ ਮਾਰਚ

ਓਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਦਿੱਲੀ ਵਿੱਚ ਰੋਸ ਮਾਰਚ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਵੱਡੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਅਕਾਲੀ ਵਰਕਰਾਂ ਰੋਸ ਮਾਰਚ ਵਿੱਚ ਸ਼ਾਮਿਲ ਹੋਏ।

ਪ੍ਰਦਰਸ਼ਨ ਦੌਰਾਨ ਸੁਖਬੀਰ ਸਮੇਤ ਵੱਡੇ ਆਗੂਆਂ ਨੇ ਦਿੱਤੀ ਗ੍ਰਿਫਤਾਰੀ

ਅਕਾਲੀ ਦਲ ਵੱਲੋਂ ਕਰੀਬ 2 ਘੰਟੇ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ 11 ਆਗੂਆਂ ਨੇ ਪੁਲਿਸ ਨੂੰ ਆਪਣੀ ਗ੍ਰਿਫਤਾਰੀ ਦਿੱਤੀ। ਗ੍ਰਿਫਤਾਰ ਕੀਤੇ ਗਏ ਆਗੂਆਂ ਨੂੰ ਕੁਝ ਸਮਾਂ ਥਾਣੇ ਵਿੱਚ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ।

ਸੁਖਬੀਬ ਬਾਦਲ ਨੇ ਮੋਦੀ ਸਰਕਾਰ ‘ਤੇ ਸਾਧੇ ਨਿਸ਼ਾਨੇ

ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੋਦੀ ਸਰਕਾਰ (Modi government) ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ (Agricultural law) ਰੱਦ ਨਾ ਕੀਤੇ ਗਏ ਤਾਂ ਇਸ ਦਾ ਖਮਿਆਜਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ।

ਕੇਂਦਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਸ਼ਾਂਤੀ ਪੂਰਵਕ ਰੋਸ ਮਾਰਚ ਕੀਤਾ ਜਾ ਰਿਹਾ ਸੀ ਪਰ ਇਸ ਦੌਰਾਨ ਮੋਦੀ ਤੇ ਹਰਿਆਣਾ ਸਰਕਾਰ ਦੇ ਵੱਲੋਂ ਉੁਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪਾਰਟੀ ਵਰਕਰਾਂ ਨੂੰ ਰੋਕ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਜਿਸਦੀ ਉਨ੍ਹਾਂ ਵੱਲੋਂ ਨਿੰਦਿਆ ਕੀਤੀ ਗਈ ਹੈ।ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਮੋਦੀ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਜੋ ਖੇਤੀ ਕਾਨੂੰਨ ਕਿਸਾਨ ਵਿਰੋਧੀ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਹੈ ਕਿ ਜੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ ਇਸਦਾ ਖਮਿਆਜਾ ਭੁਗਤਣਾ ਪਵੇਗਾ।

ਸੁਖਬੀਰ ਬਾਦਲ ਦੀ ਮੋਦੀ ਨੂੰ ਚਿਤਾਵਨੀ

ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਸਾਲ ਰਹਿ ਗਏ ਜੇ ਕਾਨੂੰਨ ਵਾਪਿਸ ਨਾ ਲਏ ਤਾਂ ਉਨ੍ਹਾਂ ਨੂੰ ਲਾਹਿਆ ਜਾਣਾ ਹੈ ਕਿਉਂਕਿ ਪੰਜਾਬ ਨਹੀਂ ਬਲਿਕ ਪੂਰਾ ਦੇਸ਼ ਉਨ੍ਹਾਂ ਦੇ ਵਿਰੋਧ ‘ਚ ਆਇਆ ਖੜ੍ਹਾ ਹੈ।

ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਤਿਆਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਦਾ ਵਿਰੋਧ ਕਰ ਰਿਹਾ ਹੈ। ਨਾਲ ਹੀ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ।

ਸਰਕਾਰ ਬਣਨ ਤੇ ਕਾਨੂੰਨ ਲਾਗੂ ਨਾ ਕਰਨ ਦੀ ਕਹੀ ਗੱਲ

ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨੋਂ ਖੇਤੀਬਾੜੀ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀ ਸਰਕਾਰ ਰਹੇਗੀ, ਇਹ ਕਾਨੂੰਨ ਲਾਗੂ ਨਹੀਂ ਹੋਣਗੇ। ਇਸ ਮੌਕੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨਾ ਬਣਾਇਆ, ਜੋ ਪੰਜਾਬ ਚੋਣਾਂ ਵਿੱਚ ਲਗਾਤਾਰ ਸਰਗਰਮ ਹਨ।

ਖੇਤੀ ਕਾਨੂੰਨਾਂ ਦੇ ਵਿਰੋਧ ਚ ਆਪ ਵੱਲੋਂ ਕੈਂਡਲ ਮਾਰਚ

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਅੰਦੋਲਨ ਵਿੱਚ ਸ਼ਹੀਦ ਹੋਏ 650 ਤੋਂ ਜ਼ਿਆਦਾ ਕਿਸਾਨਾਂ ਨੂੰ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ (Candle march) ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ।

ਸ਼ਹੀਦ ਕਿਸਾਨਾਂ ਨੂੰ ਆਪ ਵੱਲੋਂ ਸ਼ਰਧਾਂਜਲੀ ਭੇਂਟ

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿੱਚ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਪ ਦੇ ਵਿਧਾਇਕਾਂ, ਲੋਕ ਸਭਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵਰਕਰਾਂ ਨੇ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਇਆ।

ਕਾਲੀਆਂ ਪੱਟੀਆਂ ਬੰਨ੍ਹ ਪੰਜਾਬ ਭਰ ਚ ਕੱਢਿਆ ਮਾਰਚ

ਸੰਧਵਾ ਨੇ ਦੱਸਿਆ ਕਿ ਸਾਰੇ ਹੀ ਜ਼ਿਲ੍ਹਿਆਂ ਦੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਮਬੱਤੀ ਮਾਰਚ ਕੱਢਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਮਬੱਤੀ ਮਾਰਚ ਕੱਢਣ ਦੇ ਨਾਲ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਨੂੰ ਖੇਤੀ ਕਾਨੂੰਨ ਰੱਦ ਕਰਾਉਣ ਦਾ ਭਰੋਸਾ ਦਿਵਾਇਆ, ਜਿੰਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੇ ਪਰਿਵਾਰ ਮੈਂਬਰਾਂ ਨੂੰ ਖੋ ਦਿੱਤਾ ਹੈ।

ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਾਂ-ਆਪ

ਸੰਧਵਾਂ ਨੇ ਕਿਹਾ ਕਿ ਸਾਲ 2020 ਵਿੱਚ 17 ਸਤੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਬਿੱਲ ਲੋਕ ਸਭਾ ਵਿੱਚ ਪਾਸ ਕੀਤੇ ਜਾਣ ਕਾਰਨ ਇਸ ਦਿਨ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲੇ ਦਿਨ ਦੇ ਰੂਪ ਵਜੋਂ ਮਨਾਇਆ ਜਾ ਗਿਆ। ਉਨ੍ਹਾਂ ਕਿਹਾ ਕਿਸਾਨ ਆਗੂਆਂ ਨਾਲ ਆਪ ਹਰ ਮੋਰਚੇ ’ਤੇ ਡੱਟ ਕੇ ਖੜੀ ਹੈ।

ਅਕਾਲੀ ਦਲ ਦੇ ਦਿੱਲੀ ਪ੍ਰਦਰਸ਼ਨ ਨੂੰ ਦੱਸਿਆ ਡਰਾਮਾ

ਸੰਧਵਾਂ ਨੇ ਅਕਾਲੀ ਦਲ ਬਾਦਲ ਵੱਲੋਂ ਦਿੱਲੀ ਵਿੱਚ ਮਨਾਏ ਗਏ ਕਾਲੇ ਦਿਨ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਬਾਦਲ ਐਂਡ ਕੰਪਨੀ ਪੰਜਾਬ ਦੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਆਪਣੇ ਮੂੰਹਾਂ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਨ ਮਨਾਉਂਦੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੂਰਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਆਰਡੀਨੈਂਸ ’ਤੇ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਨਾ ਕਰਦੀ ਤਾਂ ਕਿਸਾਨਾਂ ਲਈ ਇਹ ਕਾਲਾ ਦਿਨ ਕਦੇ ਨਹੀਂ ਆਉਂਦਾ।

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ

ਸੰਧਵਾਂ ਨੇ ਮੰਗ ਕੀਤੀ ਕਿ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਹਰੇਕ ਕਿਸਾਨ -ਮਜ਼ਦੂਰ ਦੇ ਪਰਿਵਾਰ ਨੂੰ ਇੱਕ- ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਸਾਰਾ ਕਰਜ਼ ਮੁਆਫ਼ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 200-250 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਨਾਲ ਅਸਿਹਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਗਿਣਤੀ ਬਹੁਤ ਘੱਟ ਹੈ। ਸੰਧਵਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨ ਆਗੂਆਂ ਕੋਲੋਂ ਸਹੀ ਅੰਕੜਾ ਲੈਣਾ ਚਾਹੀਦਾ ਹੈ, ਤਾਂ ਜੋ ਸਾਰੇ 650 ਕਿਸਾਨਾਂ ਦੇ ਪਰਿਵਾਰਾਂ ਨੂੰ ਇਸ ਨੀਤੀ ਤਹਿਤ ਲਾਭ ਮਿਲ ਸਕੇ।

ਇਹ ਵੀ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਸੋਸ਼ਲ ਮੀਡੀਆ 'ਤੇ ਟ੍ਰੈਂਡਿੰਗ ਵਿਚ ਹੈ 'ਬੇਰੋਜ਼ਗਾਰੀ ਦਿਵਸ'

ABOUT THE AUTHOR

...view details