ਚੰਡੀਗੜ: ਪੰਜਾਬ ਵਿੱਚ ਰਾਸ਼ਟਰਪਤੀ ਚੋਣਾਂ 2022 ਲਈ ਵੋਟਿੰਗ ਸ਼ਾਂਤੀ ਨਾਲ ਸਮਾਪਤ ਹੋਈ, ਜਿਸ ਵਿੱਚ 114 ਵਿਧਾਨ ਸਭਾ ਮੈਂਬਰਾਂ (ਵਿਧਾਇਕਾਂ) ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨਾਂ ਅੱਗੇ ਦੱਸਿਆ ਕਿ ਦੂਜੇ ਸੂਬਿਆਂ ਦੇ ਕਿਸੇ ਵੀ ਵਿਧਾਇਕ ਅਤੇ ਸੰਸਦ ਮੈਂਬਰ ਨੇ ਸੂਬੇ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ।
ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਸਨ ਅਤੇ ਸਖ਼ਤ ਸੁਰੱਖਿਆ ਦਰਮਿਆਨ ਪੰਜਾਬ ਵਿਧਾਨ ਸਭਾ ਵਿਖੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 10 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।
ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ।