ਅੰਮ੍ਰਿਤਸਰ:ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਪਾਠ ਦੇ ਭੋਗ ਪਾ ਕੇ ਨਵੇਂ ਪਾਠ ਦੀ ਅਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਾਜ਼ਰੀ ਭਰੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਡੂੰਘੀਆਂ ਸਾਜ਼ਿਸ਼ਾਂ ਕੇਂਦਰ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਦੇਸ਼ ਦੀ ਵੰਡ ਸਮੇਂ ਪੰਜਾਬ ਦੇ ਟੋਟੇ ਟੋਟੇ ਕੀਤੇ ਸਨ ਅਤੇ ਹੁਣ ਸੋ ਸਾਲਾਂ ਬਾਅਦ ਮੌਜੂਦਾ ਸਰਕਾਰ ਸਾਡੇ ਧਰਮ ਦੇ ਟੋਟੇ ਕਰਨ 'ਤੇ ਤੁਲੀ ਹੋਈ ਹੈ।
ਉਨ੍ਹਾਂ ਨਾਲ ਹੀ ਬੋਲਦੇ ਹੋਏ ਕਿਹਾ ਕਿ ਪਾਰਲੀਮੈਂਟ ਨੂੰ ਬਾਈਪਾਸ ਕਰਕੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਈ ਸ਼੍ਰੋਮਣੀ ਕਮੇਟੀ ਨੂੰ ਵੰਡਿਆ ਜਾ ਰਿਹਾ ਹੈ ਅਤੇ ਸਿੱਖਾਂ 'ਚ ਭਰਾ ਮਾਰੂ ਜੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪਿੰਡਾਂ ਦੇ ਵਿੱਚ ਇਕੱਲਾ ਇਕੱਲਾ ਗੁਰਦੁਆਰਾ ਵੀ ਵੰਡਿਆ ਜਾਵੇਗਾ ਤੇ ਭਰਾ ਮਾਰੂ ਜੰਗ ਦੇ ਨਾਲ ਸਿੱਖ ਪੰਥ ਹੋਰ ਕਮਜ਼ੋਰ ਹੋਵੇਗਾ।