ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 788 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ।
ਕਈ ਸ਼ਰਧਾਲੂਆਂ ਦੇ ਕੱਟੇ ਗਏ ਵੀਜ਼ੇ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋ ਸਫ਼ਾਰਤਖ਼ਾਨੇ ਨੇ 788 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 896 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।