ਪੰਜਾਬ

punjab

Projects On Education In Punjab : ਪੰਜਾਬ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਦਲੇਗਾ ਸਿੱਖਿਆ ਦਾ ਮਿਆਰ, ਪੜ੍ਹੋ ਕੇਜਰੀਵਾਲ-ਮਾਨ ਦੇ ਐਲਾਨ

By ETV Bharat Punjabi Team

Published : Sep 13, 2023, 8:23 PM IST

ਆਪ ਸੁਪ੍ਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੁੱਧਵਾਰ ਨੂੰ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਗਿਆ ਹੈ। ਸੀਐਮ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ। ਪੜ੍ਹੋ ਕੀ-ਕੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀ-ਕੀ ਸੁਵਿਧਾਵਾਂ ਦਿੱਤੇ ਜਾਣ ਦਾ ਐਲਾਨ (Projects On Eduction In Punjab) ਕੀਤਾ ਗਿਆ।

Projects On Education In Punjab
Projects On Education In Punjab

ਅੰਮ੍ਰਿਤਸਰ:ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਲੜਕੀਆਂ ਲਈ ਬੱਸ ਸਹੂਲਤ ਸ਼ੁਰੂ:ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਸਕੂਲ ਨੂੰ ਕੈਂਪਸ ਮੈਨੇਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ-ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ।



ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਤੌਰ ਉਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿੱਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ (School Of Eminence) ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ।



ਸਿੱਖਿਆ ਦਾ ਮਿਆਰ

ਵਿਦਿਆਰਥੀਆਂ ਨੂੰ ਮਿਲੇਗੀ AI ਦੀ ਸਿਖਲਾਈ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਜਲਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਮਨਸੂਈ ਬੁੱਧੀ) ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਅਧਿਆਪਕਾਂ ਨੂੰ ਵੀ ਏ.ਆਈ. ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।

ਸੂਬੇ ਦਾ ਪਹਿਲਾ ਸਕੂਲ ਆਫ ਐਮੀਨੈਂਸ :ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿੱਖਿਆ ਤੇ ਗਿਆਨ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ਉਤੇ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ, ਕਿਉਂਕਿ ਅੱਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਤੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ 70 ਸਾਲ ਪਹਿਲਾਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਸੀ, ਪਰ ਬਦਕਿਸਮਤੀ ਨਾਲ ਇਹ ਕਦੇ ਨਹੀਂ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਜ ਸੂਬੇ ਦਾ ਪਹਿਲਾ ਸਕੂਲ ਆਫ ਐਮੀਨੈਂਸ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਹੈ ਜਿਸ ਨਾਲ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨਕਲਾਬ ਦੀ ਨੀਂਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਜੰਗ ਵਿੱਢਣ ਮੌਕੇ ਰੱਖੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅੱਜ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ ਗਿਆ ਅਤੇ ਸਕੂਲਾਂ ਨੂੰ ਮਿਆਰੀ ਸਿੱਖਿਆ ਦੇ ਧੁਰੇ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ (School Of Eminence Launched Today) ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਕ ਹੋਰ ਇਤਿਹਾਸਕ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਦੀ ਆਵਾਜਾਈ ਦੀ ਸਹੂਲਤ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਸਰੋ ਅਤੇ ਹੋਰ ਵੱਕਾਰੀ ਸੰਸਥਾਵਾਂ ਦੇ ਦੌਰੇ ਕਰਵਾਏ:ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਹਲਾ ਦਰਜੇ ਦੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਲ-ਨਾਲ ਬਾਹਰਲੇ ਸੂਬਿਆਂ ਤੋਂ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦਾ ਤਜ਼ੁਰਬਾ ਵਧਾਉਣ ਲਈ ਇਸਰੋ ਅਤੇ ਹੋਰ ਵੱਕਾਰੀ ਸੰਸਥਾਵਾਂ ਦੇ ਦੌਰੇ ਕਰਵਾਏ ਜਾ ਰਹੇ ਹਨ।

ਸਿੱਖਿਆ ਖੇਤਰ ਦੀ ਕਾਇਆ ਕਲਪ ਬਦਲਾਂਗੇ:ਮੁੱਖ ਮੰਤਰੀ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਉਤੇ ਸਮਾਰਟ ਸਕੂਲਾਂ ਦੇ ਬੋਰਡ ਲਾ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਇਨ੍ਹਾਂ ਸਕੂਲਾਂ ਵਿੱਚ ਕੋਈ ਸਹੂਲਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਹੀ ਮਾਅਨਿਆਂ ਵਿਚ ਆਧੁਨਿਕ ਸਕੂਲਾਂ ਵਿਚ ਬਦਲਣਾ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਸਿੱਖਿਆ ਖੇਤਰ ਦੀ ਮੁਕੰਮਲ ਰੂਪ ਵਿਚ ਕਾਇਆ ਕਲਪ ਕਰ ਦਿੱਤੀ ਜਾਵੇਗੀ।

ਕੇਜਰੀਵਾਲ ਦੀ ਕੀਤੀ ਤਰੀਫ:ਦਿੱਲੀ ਦੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

36 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤੀ ਨੌਕਰੀ :ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 36,097 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਇਹ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਅਧਾਰ 'ਤੇ ਦਿੱਤੀਆਂ ਗਈਆਂ ਹਨ।

ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ:ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਸ ਧਰਤੀ 'ਤੇ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ, ਜਿੱਥੇ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਖੁੱਲ੍ਹੇਆਮ ਨਸ਼ੇ ਵੰਡੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਹ ਪਹਿਲਾ ਹਾਈਟੈਕ ਸਕੂਲ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਬਦਲਣ ਵਿੱਚ ਵਧੇਰੇ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਭੋਲੀ-ਭਾਲੀ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀ ਨੂੰ ਉਸ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਲੁੱਟਣ ਵਾਲੇ ਭ੍ਰਿਸ਼ਟ ਸਿਆਸਤਦਾਨਾਂ ਵਿਰੁੱਧ ਸਖ਼ਤ (Punjab Education System) ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।


ਵਿਰੋਧੀਆਂ ਉੱਤੇ ਵਰ੍ਹੇ: ਆਪਣੇ ਸਿਆਸੀ ਵਿਰੋਧੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬੀ ਦਾ ਭੋਰਾ ਇਲਮ ਨਹੀਂ ਹੈ, ਪਰ ਫਿਰ ਵੀ ਇਹ ਸਾਨੂੰ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਖਜ਼ਾਨੇ ਦੀ ਰਾਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਖਜ਼ਾਨੇ ਨੂੰ ਕਿਸੇ ਵੀ ਤਰ੍ਹਾਂ ਢਾਹ ਨਹੀਂ ਲੱਗਣ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਸਰਕਾਰ ਪ੍ਰਤੀ ਉਨ੍ਹਾਂ ਦੇ ਪਿਆਰ ਉੱਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਵੱਲੋਂ ਸਿਆਸਤ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸ਼ਾਸਨ ਦੇ ਮਹਿਜ਼ ਡੇਢ ਸਾਲ ਦੇ ਅੰਦਰ ਹੀ ਸਿੱਖਿਆ ਪ੍ਰਣਾਲੀ ਦਾ ਕਾਇਆ ਕਲਪ ਕਰ ਦਿੱਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਨਾ ਹੀ ਭਵਿੱਖ ਵਿੱਚ ਛੱਡੇਗੀ। (ਪ੍ਰੈਸ ਨੋਟ)

ABOUT THE AUTHOR

...view details