ਪੰਜਾਬ

punjab

ਸ਼ਹੀਦੀ ਦਿਹਾੜੇ ਮੌਕੇ ਮਾਤਮੀ ਬਿਗਲ ਦੇ ਫੈਸਲੇ 'ਤੇ SGPC ਦਾ ਇਤਰਾਜ਼, ਪ੍ਰਧਾਨ ਧਾਮੀ ਬੋਲੇ-ਗੁਰਮਤਿ ਮਰਯਾਦਾ ਦੇ ਵਿਰੁੱਧ ਫੈਸਲਾ

By ETV Bharat Punjabi Team

Published : Dec 23, 2023, 4:54 PM IST

Matami Bigal on occasion of martyrdom of Sahibzades: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਮਾਤਮੀ ਬਿਗਲ ਵਜਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਵਲੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ।

CM Bhagwant Mann Vs SGPC
CM Bhagwant Mann Vs SGPC

ਅੰਮ੍ਰਿਤਸਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮਾਤਮੀ ਬਿਗਲ ਵਜਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਜਿਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫ਼ੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ।

ਸ਼ਹਾਦਤ ਮਾਤਮ ਜਾਂ ਸੋਗ ਨਹੀਂ, ਚੜ੍ਹਦੀ ਕਲਾ ਦਾ ਪ੍ਰਤੀਕ: ਇਸ ਦੌਰਾਨ ਬੋਲਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫ਼ੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰਨ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਲਗਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ ਸੀ।

ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਉਲਟ: ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ। ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮੀ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦਾ ਫ਼ੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।

ਮੁੱਖ ਮੰਤਰੀ ਨੇ ਕੀਤਾ ਸੀ ਐਲਾਨ:ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਸੀ। ਜਿਸ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਇਸ ਵਾਰ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10.10 ਵਜੇ ਤੱਕ ਮਾਤਮੀ ਬਿਗਲ ਵਜਾਏ ਜਾਣਗੇ। ਇਸ ਦੌਰਾਨ ਵਿਅਕਤੀ ਜਿੱਥੇ ਵੀ ਹੋਵੇ, ਉਸੇ ਥਾਂ ’ਤੇ ਖੜ੍ਹ ਕੇ ਸ਼ਹੀਦੀ ਨੂੰ ਸ਼ਰਧਾਂਜਲੀ ਭੇਟ ਕਰਨੀ ਪਵੇਗੀ।

ABOUT THE AUTHOR

...view details