ਪੰਜਾਬ

punjab

ਪੁਲਿਸ ਵੱਲੋਂ 22.5 ਕਿਲੋ ਹੈਰੋਇਨ ਬਰਾਮਦ, ਮੰਨੂ ਮਹਾਵਾ ਗਿਰੋਹ ਦੇ ਤਿੰਨ ਮੈਂਬਰ ਵੀ ਗ੍ਰਿਫਤਾਰ

By ETV Bharat Punjabi Team

Published : Jan 8, 2024, 5:32 PM IST

Updated : Jan 8, 2024, 6:28 PM IST

Heroin Recovered By Punjab Police : ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚ ਚੁੱਕੀ ਹੈ, ਜਦਕਿ ਗ੍ਰਿਫਤਾਰੀਆਂ ਦੀ ਗਿਣਤੀ 10 ਹੋ ਗਈ ਹੈ। ਫੜ੍ਹੇ ਗਏ ਮੁਲਜ਼ਮ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ।

Heroin Recovered By Punjab Police
Heroin Recovered By Punjab Police

ਗੁਰਪ੍ਰੀਤ ਸਿੰਘ ਭੁੱਲਰ, ਸੀਪੀ, ਅੰਮ੍ਰਿਤਸਰ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ।

ਹਥਿਆਰ ਤੇ ਕਾਰਤੂਸ ਵੀ ਬਰਾਮਦ: ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ , ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਲਗਭਗ ਹਫ਼ਤੇ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਦੱਸਣਯੋਗ ਹੈ ਉਕਤ ਰੈਕੇਟ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰਗ ਮਨੀ , 7 ਪਿਸਤੌਲਾਂ ਸਮੇਤ ਇੱਕ 9 ਐਮਐਮ ਗਲਾਕ ਅਤੇ ਡਰੋਨ ਦੇ ਕਲ-ਪੁਰਜ਼ੇ ਬਰਾਮਦ ਕੀਤੇ ਸਨ।

ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ : ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਾਂਟੇਡ ਮੁਲਜ਼ਮ ਅਨਮੋਲ ਸਿੰਘ ਉਰਫ਼ ਲਾਲੂ ਨੂੰ ਉਸ ਦੇ ਸਾਥੀਆਂ ਸਣੇ ਸੁਲਤਾਨਵਿੰਡ ਦੇ ਇਲਾਕੇ ਵਿੱਚ ਦੇਖੇ ਜਾਣ ਦੀ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਸਿਟੀ-3 ਅਭਿਮਨੀਊ ਰਾਣਾ, ਏਸੀਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਵਿੱਚ ਸੀ.ਆਈ.ਏ. ਸਟਾਫ਼-3 ਦੀ ਪੁਲਿਸ ਟੀਮ ਨੇ ਵਿਸ਼ੇਸ਼ ਨਾਕਾਬੰਦੀ ਕਰ ਕੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਮੁਲਜ਼ਮ, ਪਾਕਿਸਤਾਨ ਸਥਿਤ ਤਸਕਰ ਸ਼ਾਹ ਅਤੇ ਅਮਰੀਕਾ ਸਥਿਤ ਮਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ’ਚ ਨਸ਼ੀਲੇ ਪਦਾਰਥਾਂ ਅਤੇ ਗੋਲੀ-ਸਿੱਕੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਵੀ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ।

ਸੀ.ਪੀ. ਭੁੱਲਰ ਨੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾ ਕੇ ਸਿੱਟਾਪੂਰਨ ਨਤੀਜੇ 'ਤੇ ਪਹੰਚਿਆ ਜਾ ਸਕੇ। ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 298 ਮਿਤੀ 31/12/2023 ਨੂੰ ਪੁਲਿਸ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਕੇਸ ਦਰਜ ਹੈ। (ਪ੍ਰੈਸ ਨੋਟ)

Last Updated :Jan 8, 2024, 6:28 PM IST

ABOUT THE AUTHOR

...view details