ਬਰਨਾਲਾ: ਜ਼ਿਲ੍ਹੇ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨਕਾਰੀ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਪੀਟੀਆਈ ਅਧਿਆਪਕਾਂ ਦੀਆਂ ਪੋਸਟਾਂ ਭਰਨ ਦੀ ਮੰਗ ਕਰ ਰਹੇ ਹਨ। ਜਿਸ ਦੇ ਚੱਲਦਿਆਂ ਇਨ੍ਹਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਅਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਪ੍ਰਾਇਮਰੀ ਸਕੂਲਾਂ ਲਈ 5994 ਈਟੀਟੀ ਅਤੇ 2000 ਪੀਟੀਆਈ ਅਧਿਆਪਕਾਂ ਦੀਆਂ ਪੋਸਟਾਂ ਕੱਢੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੁਆਰਾ ਬਾਕੀ ਸਾਰੇ ਅਧਿਆਪਕਾਂ ਦੀ ਭਰਤੀ ਲਈ ਪੋਰਟਲ ਖੋਲ ਦਿੱਤੇ ਗਏ ਹਨ, ਪਰ ਪੀਟੀਆਈ ਅਧਿਆਪਕਾਂ ਦੀ ਭਰਤੀ ਲਈ ਹੁਣ ਤੱਕ ਪੋਰਟਲ ਨਹੀਂ ਖੋਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਕਰੀਬ 12800 ਪ੍ਰਾਇਮਰੀ ਸਕੂਲ ਹਨ ਅਤੇ ਇਸ ਸਕੂਲਾਂ ਵਿੱਚ 2006 ਤੋਂ ਬਾਅਦ ਕੋਈ ਵੀ ਪੀਟੀਆਈ ਅਧਿਆਪਕ ਭਰਤੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਨਸ਼ੇ ਦੇ ਦਲਦਲ ਵਿੱਚ ਫਸਦਾ ਜਾ ਰਹੇ ਹਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਖੇਡਾਂ ਵੱਲ ਮੋੜਨਾ ਹੋਵੇਗਾ।