ਬਠਿੰਡਾ: ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ, ਸਿਹਤ ਵਿਭਾਗ ਹੁਣ ਤੱਕ 394 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਕਰ ਚੁੱਕਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਡੇਂਗੂ ਸਬੰਧੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡੇਂਗੂ ਦੇ ਸਭ ਤੋਂ ਜ਼ਿਆਦਾ ਮਰੀਜ਼ ਬਠਿੰਡਾ ਸ਼ਹਿਰ ਵਿੱਚ ਪਾਏ ਗਏ ਹਨ।
ਬਠਿੰਡਾ ਹਸਪਤਾਲ ਦੇ ਡਾ. ਉਮੇਸ਼ ਗੁਪਤਾ ਨੇ ਕਿਹਾ ਕਿ ਉਨ੍ਹਾਂ ਕੋਲ ਡੇਂਗੂ ਦੇ ਕੁੱਲ 394 ਮਰੀਜ਼ ਆਏ ਹਨ ਜਿਸ ਵਿੱਚ 330 ਪੇਡੂ ਅਤੇ 64 ਮਰੀਜ਼ ਸ਼ਹਿਰ ਦੇ ਨੇੜਲੇ ਇਲਾਕੇ ਦੇ ਪਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਲਗਾਤਾਰ ਸ਼ਹਿਰ ਵਿੱਚ ਫੌਗਿੰਗ ਵੀ ਕੀਤੀ ਜਾ ਰਹੀ ਹੈ ਤਾਂ ਕਿ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਡਾਕਟਰ ਦਾ ਕਹਿਣਾ ਹੈ ਕਿ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।