ਪੰਜਾਬ

punjab

ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ, ਪੀੜਤ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ

By ETV Bharat Punjabi Team

Published : Nov 23, 2023, 5:40 PM IST

Updated : Nov 23, 2023, 6:36 PM IST

Police and Nihan Singhs Clash: ਸ੍ਰੀ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ ਨੂੰ ਲੈਕੇ ਸੁਲਤਾਨਪੁਰ ਲੋਧੀ 'ਚ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਗੋਲੀਆਂ ਚੱਲਣ ਨਾਲ ਇੱਕ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ। ਜਿਸ 'ਤੇ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਤੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

ਹੋਮਗਾਰਡ ਦੀ ਮੌਤ
ਹੋਮਗਾਰਡ ਦੀ ਮੌਤ

ਚੰਡੀਗੜ੍ਹ:ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ ਨੂੰ ਲੈਕੇ ਨਿਹੰਗ ਸਿੰਘਾਂ ਦੇ ਦੋ ਧੜਿਆਂ 'ਚ ਹੋਏ ਵਿਵਾਦ ਤੋਂ ਬਾਅਦ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਗੋਲੀਆਂ ਚੱਲੀਆਂ। ਇਸ 'ਚ ਇੱਕ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਜਾਨ ਚਲੀ ਗਈ।

ਹੋਮਗਾਰਡ ਦੇ ਜਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ:ਜਿਸ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦੀ ਡਿਊਟੀ ਨਿਭਾਉਂਦੇ ਸਮੇਂ ਜਾਨ ਚਲੀ ਗਈ। ਮੁੱਖ ਮੰਤਰੀ ਮਾਨ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਪਰਿਵਾਰ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ: ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਆਪਣੀ ਡਿਊਟੀ ਨਿਭਾਉਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਕਰੋੜ ਦੀ ਰਾਸ਼ੀ ਵਿੱਚੋਂ ਸੂਬਾ ਸਰਕਾਰ ਵੱਲੋਂ ਇਕ ਕਰੋੜ ਰਪਏ ਐਕਸ-ਗ੍ਰੇਸ਼ੀਆ ਵਜੋਂ ਜਦਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਵੱਲੋਂ ਬੀਮਾ ਰਾਸ਼ੀ ਵਜੋਂ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀ ਦਿੱਤੀ ਸੀ ਜਾਣਕਾਰੀ: ਜਦਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵੀ ਇਹ ਜਾਣਕਾਰੀ ਦਿੱਤੀ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ, ਨੀਮ ਫੌਜੀ ਬਲਾਂ ਅਤੇ ਪੁਲਿਸ ਦੀ ਭਲਾਈ ਲਈ ਵਚਨਬੱਧ ਹੈ ਜਿਸ ਦੇ ਤਹਿਤ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਸੀਐਮ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।

Last Updated :Nov 23, 2023, 6:36 PM IST

ABOUT THE AUTHOR

...view details