ਪੰਜਾਬ

punjab

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਜਾਰੀ

By ETV Bharat Punjabi Team

Published : Nov 8, 2023, 9:00 PM IST

ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

Instructions to district police chiefs to formulate strategies against crimes and drug trafficking
ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ :ਡੀਜੀਪੀ ਨੇ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐਸ.ਐਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ 'ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ 'ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਹਨਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ। ਦੱਸਣਯੋਗ ਹੈ ਕਿ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ।ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ 'ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲ੍ਹਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਪੁਲਿਸ ਬੁਲਾਰੇ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਾਮਲ ਕਰਨ। ਦੱਸਣਯੋਗ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਉਲੰਘਣਾ ਵੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

ABOUT THE AUTHOR

...view details