ਚੰਡੀਗੜ੍ਹ: ਸਾਲ 2023 ਦੀ ਸ਼ੁਰੂਆਤ ਵਿੱਚ 23 ਫਰਵਰੀ ਨੂੰ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਤੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ (Amritpal Singh) ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਹੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਆਸਰਾ ਲੈਕੇ ਆਪਣੇ ਸਾਥੀਆਂ ਦੇ ਨਾਲ ਅਜਨਾਲਾ ਦੇ ਥਾਣੇ ਉੱਤੇ ਹਮਲਾ ਕਰ ਦਿੱਤਾ ਅਤੇ ਕਈ ਪੁਲਿਸ ਮੁਲਾਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਦਿਆਂ ਪੁਲਿਸ ਨੂੰ ਉਸ ਦੇ ਸਾਥੀ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਮਜਬੂਰ ਕਰ ਦਿੱਤਾ। ਦੱਸ ਦਈਏ ਇਸ ਝੜਪ ਵਿੱਚ ਇੱਕ ਪੁਲਿਸ ਸੁਪਰਡੈਂਟ ਸਮੇਤ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
ਸਾਥੀਆਂ ਦੀ ਜ਼ਮਾਨਤ ਪਟੀਸ਼ਨ ਰੱਦ: ਪੂਰੇ ਘਟਨਾਕ੍ਰਮ ਦੌਰਾਨ ਜੇਲ੍ਹ ਬੰਦ ਅੰਮ੍ਰਿਤਪਾਲ ਦੀਆਂ ਸੱਜੀਆਂ-ਖੱਬੀਆਂ ਬਾਵਾਂ ਬਣੇ ਮੁਲਜ਼ਮ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਸਪੱਸ਼ਟ ਕਿਹਾ ਕਿ ਕਿਸੇ ਵੀ ਨਾਗਰਿਕ ਲਈ ਨਿਆਂ ਦੇ ਪ੍ਰਬੰਧ ਵਿੱਚ ਦਖਲ ਦੇਣਾ ਅਤੇ ਲੋਕਾਂ ਨੂੰ ਭੜਕਾ ਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਅਦਾਲਤ ਨੇ ਅੱਗੇ ਸਪੱਸ਼ਟ ਕੀਤਾ ਕਿ ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਨੂੰ 8 ਮਹੀਨੇ ਹਿਰਾਸਤ ਵਿੱਚ ਰਹਿਣ ਦੀ ਅਪੀਲ ਨੂੰ ਸਵੀਕਾਰ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।