ਚੰਡੀਗੜ੍ਹ:ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਸਾਂਭਦਿਆਂ ਹੀ ਭ੍ਰਿਸ਼ਟਾਚਾਰੀ ਨੂੰ ਨੱਥ ਪਾਉਣ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਖੁਦ ਕਿਹਾ ਸੀ ਕਿ ਰਿਸ਼ਵਤਖੋਰਾਂ ਨੂੰ ਉਹ ਕਿਸੇ ਵੀ ਕੀਮਤ ਨਹੀਂ ਬਖਸ਼ਣਗੇ। ਜਿਸ ਦੇ ਚੱਲਦਿਆਂ ਵਿਜੀਲੈਂਸ ਵਿਭਾਗ ਲਗਾਤਾਰ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਅੰਮ੍ਰਿਤਸਰ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ: ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵੱਲੋਂ ਦੁੱਧ ਵਿੱਕਰੀ ਦਾ ਬੂਥ 2016 ਵਿੱਚ ਅਲਾਟ ਹੋਇਆ ਸੀ। ਜਦੋਂ ਉਹ ਸਾਲ 2021 ਵਿੱਚ ਕੈਨੇਡਾ ਚਲਾ ਗਿਆ ਤਾਂ ਉਸਦੇ ਪਿਤਾ ਵੱਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ।