ਪੰਜਾਬ

punjab

ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ 'ਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ: ਕੈਪਟਨ

By

Published : Feb 29, 2020, 12:00 AM IST

ਕੈਪਟਨ ਅਮਰਿੰਦਰ ਸਿੰਘ ਨੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ ਦੀ ਕੀਤੀ ਆਲੋਚਨਾ, ਇਸ ਨੂੰ ਪ੍ਰਗਤੀਸ਼ੀਲ ਬਜਟ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦਾ ਘਟੀਆ ਪੈਂਤੜਾ ਦੱਸਿਆ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ :ਸਾਲ 2020-21 ਲਈ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅਗਲੇ ਦੋ ਸਾਲਾਂ ਦੌਰਾਨ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿੱਤੀ ਹਾਲਾਤ ਹੁਣ ਕਾਬੂ ਹੇਠ ਹਨ ਅਤੇ ਰਾਜ ਦੀ ਆਰਥਿਕ ਸਥਿਤੀ ਪਹਿਲੇ ਨਾਲੋਂ ਕਾਫ਼ੀ ਬਿਹਤਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖੀ ਬਜਟ ਯੋਜਨਾਵਾਂ ਨਾਲ ਵਿੱਤ ਮੰਤਰੀ ਨੇ ਇੱਕ ਪ੍ਰਗਤੀਸ਼ੀਲ ਰੋਡਮੈਪ ਤਿਆਰ ਕੀਤਾ ਹੈ ਜੋ ਰਾਜ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰੇਗਾ ਜਿਸ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਮਿਲੇਗਾ। ਬਜਟ ਪੇਸ਼ ਕਰਨ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ 'ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਕਾਲੀਆਂ ਦਾ ਇਕੋ ਉਦੇਸ਼ ਕਾਂਗਰਸ ਸਰਕਾਰ ਨੂੰ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋ ਰੋਕਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ, ਜਿਨ੍ਹਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਤਹਿਸ ਨਹਿਸ ਕਰ ਦਿੱਤਾ, ਸਪੱਸ਼ਟ ਤੌਰ 'ਤੇ ਇਨ੍ਹਾਂ ਕਾਰਵਾਈਆਂ ਨਾਲ ਲੋਕਾਂ ਦਾ ਧਿਆਨ ਵਿਕਾਸਮੁਖੀ ਬਜਟ ਤੋਂ ਲਾਂਭੇ ਕਰਨਾ ਚਾਹੁੰਦੇ ਸਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਤਿੰਨ ਸਾਲਾਂ ਦੇ ਅੰਦਰ ਸੂਬਾ ਮੁੜ ਲੀਹ 'ਤੇ ਆ ਗਿਆ ਹੈ ਅਤੇ ਅਜਿਹੀ ਸਥਿਤੀ ਵਿੱਚ ਪਹੁੰਚ ਗਿਆ ਹੈ ਜਿੱਥੇ ਸਾਲ 2020-21 ਲਈ ਕੋਈ ਫੰਡਿੰਗ ਗੈਪ ਨਹੀਂ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਵਿਰਾਸਤ ਵਿਚ ਮਿਲੀ ਆਰਥਿਕ ਮੰਦਹਾਲੀ ਨੂੰ ਵੇਖਦਿਆਂ ਇਹ ਚੰਗੀ ਗੱਲ ਹੈ ਕਿ ਜੀ.ਐਸ.ਡੀ.ਪੀ. ਅਨੁਪਾਤ ਦਾ ਕਰਜ਼ਾ 2016-17 ਵਿੱਚ 42.75 ਫੀਸਦੀ ਤੋਂ ਘੱਟ ਕੇ 38.53 ਫੀਸਦੀ ਜੀ.ਐਸ.ਡੀ.ਪੀ. ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 2020-21 ਲਈ ਵਿੱਤੀ ਘਾਟਾ ਜੀ.ਐਸ.ਡੀ.ਪੀ. ਦਾ 2.92 ਫੀਸਦੀ ਅਨੁਮਾਨਤ ਹੈ ਜੋ ਐਫ.ਆਰ.ਬੀ.ਐਮ. ਦੀ 3 ਫੀਸਦੀ ਸੀਮਾ ਦੇ ਅੰਦਰ ਹੈ। ਉਨ੍ਹਾਂ ਅਗਲੇ ਦੋ ਸਾਲਾਂ ਵਿੱਚ ਸਥਿਤੀ ਵਿੱਚ ਹੋਰ ਸੁਧਾਰ ਦਾ ਵਾਅਦਾ ਕੀਤਾ।

ਮੁੱਖ ਮੰਤਰੀ ਨੇ ਬਜਟ ਵਿੱਚ ਕਿਸਾਨੀ ਅਤੇ ਖੇਤੀਬਾੜੀ ਵੱਲ ਨਿਰੰਤਰ ਧਿਆਨ ਕੇਂਦਰਤ ਕਰਨ ਦਾ ਸਵਾਗਤ ਕੀਤਾ ਜਿਸ ਵਿੱਚ ਬੇਜ਼ਮੀਨੇ ਮਜ਼ਦੂਰਾਂ ਅਤੇ ਖੇਤੀ ਕਾਮਿਆਂ ਲਈ ਫਸਲੀ ਕਰਜ਼ਾ ਮੁਆਫੀ ਸਕੀਮ ਦੇ ਅਗਲੇ ਪੜਾਅ ਨੂੰ ਲਾਗੂ ਕਰਨ ਲਈ 2000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਫਸਲੀ ਵਿਭਿੰਨਤਾ ਲਈ 200 ਕਰੋੜ ਰੁਪਏ ਦੇ ਉਪਬੰਧ 'ਤੇ ਵੀ ਤਸੱਲੀ ਪ੍ਰਗਟ ਕੀਤੀ, ਜੋ ਉਨ੍ਹਾਂ ਦੀ ਸਰਕਾਰ ਲਈ ਤਰਜੀਹੀ ਖੇਤਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ 'ਘਰ ਘਰ ਰੁਜ਼ਗਾਰ' ਸਕੀਮ ਤਹਿਤ ਰੁਜ਼ਗਾਰ ਉੱਤਪਤੀ ਨਾਲ ਨੌਜਵਾਨਾਂ ਨੂੰ ਹੋਰ ਵਧੇਰੇ ਲਾਭ ਮਿਲੇਗਾ ਕਿਉਂਕਿ ਰੁਜ਼ਗਾਰ ਉੱਤਪਤੀ ਅਤੇ ਹੁਨਰ ਵਿਕਾਸ ਲਈ 324 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਹ ਪਿਛਲੀ ਸਰਕਾਰ ਦੇ ਅਖੀਰਲੇ ਸਾਲ 2016-17 ਵਿੱਚ 17.52 ਕਰੋੜ ਰੁਪਏ ਦੇ ਬਜਟ ਅਨੁਮਾਨਾਂ ਨਾਲੋਂ 20 ਗੁਣਾ ਵੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੇਵਾਮੁਕਤੀ ਦੀ ਉਮਰ ਘਟਾਉਣ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਵਧਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਰਟ ਮੋਬਾਈਲ ਫੋਨਾਂ ਦੀ ਵੰਡ ਲਈ 100 ਕਰੋੜ ਰੁਪਏ ਦੇ ਉਪਬੰਧ ਨਾਲ ਉਨ੍ਹਾਂ ਦੀ ਸਰਕਾਰ ਇਕ ਹੋਰ ਅਹਿਮ ਚੋਣ ਵਾਅਦੇ ਨੂੰ ਪੂਰਾ ਕਰ ਲਵੇਗੀ। ਮਹਿਲਾ ਸ਼ਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਕਸਤੂਰਬਾ ਗਾਂਧੀ ਮਹਿਲਾ ਯੋਜਨਾ' ਸ਼ੁਰੂ ਕਰਨਾ ਇਸ ਦਿਸ਼ਾ ਵਿੱਚ ਵੱਡਾ ਕਦਮ ਹੈ।

ABOUT THE AUTHOR

...view details