ਪੰਜਾਬ

punjab

Women Paraded Naked: ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

By

Published : Jul 20, 2023, 1:33 PM IST

Women Paraded Naked: ਮਣੀਪੁਰ ਵਿੱਚ ਔਰਤਾਂ ਉੱਤੇ ਹੋਏ ਤਸ਼ੱਦਦ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਘਿਨਾਉਣੇ ਕਾਰੇ ਦੇ ਮੁਲਜ਼ਮਾਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਏ।

Women Paraded Naked in Manipur: CM Bhagwant Mann demanded strict action
Women Paraded Naked in Manipur: CM Bhagwant Mann demanded strict action

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ਵਿੱਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।

ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ 'ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਣੀਪੁਰ 'ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ 'ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ। (ਪ੍ਰੈੱਸ ਨੋਟ)

ABOUT THE AUTHOR

...view details