ਫਾਜ਼ਿਲਕਾ :ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਦੇਣ ਦੇ ਲਈ ਸੀਐਮ ਭਗਵੰਤ ਮਾਨ ਫਾਜ਼ਿਲਕਾ ਪਹੁੰਚੇ। ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਵੰਡੇ। ਉਥੇ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਉਤੇ ਨਿਸ਼ਾਨੇ ਵੀ ਸਾਧੇ ਉਨ੍ਹਾਂ ਕਿਹਾ ਕਿ ਇੱਕ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ ਹਨ।
ਵਿਰੋਧੀਆਂ ਉਤੇ ਨਿਸ਼ਾਨੇ:ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਵਿੱਚ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਮਾਨ ਨੇ ਕਿਹਾ ਕਿ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਨੂੰ ਬਿਲਕੁਲ ਹਰਾ ਦਿੱਤਾ ਜਿਸ ਕਾਰਨ ਇਹ ਲੋਕ ਮੈਨੂੰ ਬਦਨਾਮ ਕਰਨ ਉਤੇ ਲੱਗੇ ਹੋਏ ਹਨ ।
ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, “ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ‘ਸਵਾਗਤ’ ਕੀਤਾ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ-ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ।"