ਪੰਜਾਬ

punjab

ਕੈਬਨਿਟ ਮੰਤਰੀ ਕਟਾਰੂਚੱਕ ਦੀ ਪ੍ਰਧਾਨਗੀ 'ਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ, ਵਾਤਾਵਰਣ 'ਚ ਸੁਧਾਰ ਲਈ ਜਾਰੀ ਕਾਰਜ਼ਾਂ ਦੀ ਕੀਤੀ ਸਮੀਖਿਆ

By ETV Bharat Punjabi Team

Published : Nov 24, 2023, 11:31 AM IST

Meeting in Forest Research Institute: ਲੁਧਿਆਣਾ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜ਼ਿਲ੍ਹਾ ਵਣ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿਥੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤਾਂ ਉਥੇ ਹੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਦੇ ਹੁਕਮ ਵੀ ਦਿੱਤੇ।

ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ
ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ

ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕੈਬਨਿਟ ਮੰਤਰੀ

ਲੁਧਿਆਣਾ:ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਫੌਰੈਸਟ ਰਿਸਰਚ ਇੰਸਟੀਚਿਊਟ (ਐਸ.ਐਫ.ਆਰ.ਆਈ.) ਲਾਢੋਵਾਲ ਵਿਖੇ ਖੇਤਰੀ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲੱਗਭਗ 15 ਜ਼ਿਲ੍ਹਿਆਂ ਦੇ ਜ਼ਿਲ੍ਹਾ ਵਣ ਅਫ਼ਸਰਾਂ (ਡੀ.ਐਫ.ਓਜ) ਵਲੋਂ ਸ਼ਮੂਲੀਅਤ ਕੀਤੀ ਗਈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਦੇ ਹੁਕਮ:ਇਸ ਮੀਟਿੰਗ ਦੌਰਾਨ ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ ਅਤੇ ਕਰੀਬ 149 ਗੁਰੂ ਨਾਨਕ ਬਗੀਚੀਆਂ ਦੀ ਦੇਖ ਰੇਖ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ, ਜਿਨ੍ਹਾਂ ਵਿੱਚ ਰਾਜ ਮਾਰਗਾਂ ਦੇ ਕੰਢਿਆਂ, ਲਿੰਕ ਸੜ੍ਹਕਾਂ ਦੇ ਕਿਨਾਰੇ ਅਤੇ ਹੋਰ ਪਿੰਡਾਂ ਸ਼ਹਿਰਾਂ ਵਿੱਚ ਖਾਲੀ ਪਈਆਂ ਜ਼ਮੀਨਾਂ 'ਤੇ ਰੁੱਖ ਲਗਾਏ ਜਾਣ।

ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਯਤਨ:ਹਰਿਆਵਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਹੋਣੇ ਲਾਜ਼ਮੀ ਹਨ।

ABOUT THE AUTHOR

...view details