ਲਧਿਆਣਾ: ਪੰਜਾਬ ਦੇ ਕਿਸਾਨਾਂ ਨੂੰ ਬੇਮੌਸਮੇ ਮੀਂਹ ਦੀ ਮਾਰ ਝੱਲਣੀ ਪਈ ਹੈ। ਸੂਬੇ ਵਿੱਚ 23 ਅਤੇ 24 ਅਕਤੂਬਰ ਨੂੰ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨਾ ਸਿਰਫ਼ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਸਗੋਂ ਕਿਸਾਨਾਂ ਦੀਆਂ ਮੰਡੀਆਂ ਵਿੱਚ ਪੱਕੀਆਂ ਫ਼ਸਲਾਂ ਵੀ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਈਆਂ ਹਨ। ਇਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ।
ਸਰਕਾਰ ਤੋਂ ਮੁਆਵਜ਼ੇ ਦੀ ਮੰਗ
ਫਸਲ ਦੇ ਹੋਏ ਨੁਕਸਾਨ ਨੂੰ ਲੈਕੇ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕਿਸਾਨਾਂ ਦੀਆਂ ਫਸਲਾਂ ਮੰਡੀਆਂ 'ਚੋਂ ਤੁਰੰਤ ਚੁੱਕਵਾਈਆਂ ਜਾਣ ਅਤੇ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਪਹਿਲਾਂ ਹੀ ਨਹੀਂ ਦਿੱਤਾ ਗਿਆ ਅਤੇ ਹੁਣ ਸਰਕਾਰ ਖੇਤ ਵਿੱਚ ਖੜ੍ਹੀ ਫ਼ਸਲ ਦੇ ਹੋਏ ਨੁਕਸਾਨ ਅਤੇ ਮੰਡੀਆਂ ਵਿੱਚ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਨਹੀਂ ਤਾਂ ਕਿਸਾਨ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ।
ਕਿੰਨਾ ਹੋਇਆ ਨੁਕਸਾਨ ?
ਖੇਤੀ ਮਾਹਿਰਾਂ (Agronomists) ਦਾ ਮੰਨਣਾ ਹੈ ਕਿ ਪੰਜਾਬ ਵਿੱਚ ਬੇਮੌਸਮੇ ਮੀਂਹ ਕਾਰਨ ਲਗਭਗ 20 ਫੀਸਦੀ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਇਹ ਔਸਤਨ ਨੁਕਸਾਨ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਇਹ 50 ਫੀਸਦੀ ਅਤੇ ਕਈ ਵਾਰ ਇਸ ਤੋਂ ਵੀ ਘੱਟ ਹੁੰਦਾ ਹੈ ।ਮਾਹਿਰਾਂ ਦਾ ਮੰਨਣੈ ਕਿ ਮੰਡੀਆਂ 'ਚ ਪਈਆਂ ਕਿਸਾਨਾਂ ਦੀਆਂ ਫਸਲਾਂ ਦਾ ਵੀ ਵੱਡਾ ਨੁਕਸਾਨ ਹੋ ਗਿਆ ਹੈ, ਕਿਉਂਕਿ ਸਰਕਾਰ ਵੱਲੋਂ ਮੰਡੀਆਂ 'ਚ ਰੱਖੀ ਝੋਨੇ ਦੀ ਫਸਲ ਦੀ ਨਮੀ ਨੂੰ ਪੂਰਾ ਨਾ ਕਰਨ ਕਰਕੇ ਕਿਸਾਨਾਂ ਦੀ ਫਸਲ ਦੀ ਖਰੀਦ ਨਹੀਂ ਹੋ ਸਕੀ ਹੈ, ਜਿਸ ਕਾਰਨ ਮੰਡੀਆਂ 'ਚ ਫਸਲ ਦੇ ਅੰਬਾਰ ਲੱਗੇ ਪਏ ਹਨ।
ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਦਿੱਤੀ ਗਈ ਸੀ ਜਾਣਕਾਰੀ
ਦਰਅਸਲ ਪੰਜਾਬ ਦੇ ਮੌਸਮ ਵਿਭਾਗ (Meteorological Department) ਵੱਲੋਂ ਮੌਸਮ ਦੀ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਈਆਂ ਫ਼ਸਲਾਂ ਦੇ ਢੇਰਾਂ ਵੱਲ ਨਾ ਤਾਂ ਸਰਕਾਰ ਦਾ ਧਿਆਨ ਦਿੱਤਾ ਗਿਆ, ਜਿਸ ਕਾਰਨ ਮੰਡੀਆਂ 'ਚ ਪਈਆਂ ਫ਼ਸਲਾਂ ਬਰਬਾਦ ਹੋ ਗਈਆਂ ।ਕਿਸਾਨਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਵੇਗਾ ਤੇ ਮੰਡੀ ਦੇ ਵਿੱਚ ਖੱਜਲ ਖੁਆਰ ਹੋਣ ਪੈ ਰਿਹਾ ਹੈ।
ਯੂਪੀ ਦੇ ਕਿਸਾਨਾਂ ਨੂੰ ਮੁਆਵਜ਼ਾ ਤਾਂ ਪੰਜਾਬ ਨੂੰ ਕਿਉਂ ਨਹੀਂ ?
ਹਾਲ ਹੀ ਵਿੱਚ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੌਰਾਨ ਸ਼ਹੀਦ ਹੋਏ 4 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ। ਮਾਮਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਹੀਦ ਹੋਏ ਯੂਪੀ ਦੇ ਕਿਸਾਨਾਂ ਨੂੰ ਬਿਲਕੁਲ ਮੁਆਵਜ਼ਾ ਮਿਲਣਾ ਚਾਹੀਦਾ ਸੀ ਪਰ ਸਰਕਾਰ ਨੇ ਇਹ ਮੁਆਵਜ਼ਾ ਆਪਣੀ ਸਿਆਸਤ ਚਮਕਾਉਣ ਲਈ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਦੀ ਕਿਉਂ ਨਹੀਂ ਜਿਨ੍ਹਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।