ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2025-26 ਦਾ ਬਜਟ ਪੇਸ਼ ਕੀਤਾ। ਕੁੱਲ੍ਹ 2 ਲੱਖ 36 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਖੇਤਰ ਵਿੱਚ ਸੁਧਾਰ ਲਈ ਬਹੁਤ ਉਪਰਾਲੇ ਕੀਤੇ ਹਨ। ਪੰਜਾਬ ਦੇ ਲੋਕ ਇਹ ਭੁੱਲ ਨਹੀਂ ਗਏ ਹਨ ਕਿ ਕਾਂਗਰਸ ਅਤੇ ਭਾਜਪਾ-ਅਕਾਲੀ ਸਰਕਾਰਾਂ ਦੌਰਾਨ ਉਨ੍ਹਾਂ ਨੂੰ ਲੰਬੇ ਬਿਜਲੀ ਕੱਟਾਂ ਵਿੱਚੋਂ ਕਿਵੇਂ ਲੰਘਣਾ ਪਿਆ? ਕਿਸਾਨਾਂ ਨੂੰ ਆਪਣੇ ਖੇਤਾਂ ਨੂੰ ਪਾਣੀ ਲਾਉਣ ਲਈ ਸਾਰੀ ਰਾਤ ਜਾਗਣਾ ਪਿਆ। ਕਾਂਗਰਸ ਅਤੇ ਭਾਜਪਾ-ਅਕਾਲੀ ਸਰਕਾਰਾਂ ਨੇ ਕਦੇ ਵੀ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ, ਸਗੋਂ ਬੱਤੀ ਗੁੱਲ ਪੰਜਾਬ ਸਿਰਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
'ਬੱਤੀ ਗੁਲ ਪੰਜਾਬ ਤੋਂ ਬੱਤੀ ਫੁੱਲ ਪੰਜਾਬ'
ਹਰਪਾਲ ਚੀਮਾ ਨੇ ਕਿਹਾ ਕਿ,'ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। 3 ਸਾਲਾਂ ਵਿੱਚ ਸੂਬਾ ਬੱਤੀ ਗੁਲ ਪੰਜਾਬ ਤੋਂ ਬੱਤੀ ਫੁੱਲ ਪੰਜਾਬ ਵਿੱਚ ਤਬਦੀਲ ਹੋ ਗਿਆ ਹੈ। ਪੰਜਾਬ ਦੇ 90 ਫੀਸਦੀ ਪਰਿਵਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਆਰਥਿਕ ਬੋਝ ਘਟਿਆ ਹੈ। ਵਿੱਤੀ ਸਾਲ 2025-26 ਲਈ ਬਿਜਲੀ ਖੇਤਰ ਲਈ 7713 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਗਿਆ ਹੈ। ਇਸ ਤਹਿਤ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲਦੀ ਰਹੇਗੀ।'
ਦੇਸ਼ ਵਿੱਚ 7ਵੇਂ ਨੰਬਰ 'ਤੇ ਪੀਐੱਸਪੀਸੀਐੱਲ
ਮੰਤਰੀ ਚੀਮਾ ਨੇ ਕਿਹਾ ਕਿ 78 ਸਾਲਾਂ ਬਾਅਦ ਵੀ ਪੰਜਾਬ ਦੇ ਕਈ ਪਿੰਡਾਂ ਵਿੱਚ ਸਟਰੀਟ ਲਾਈਟਾਂ ਨਹੀਂ ਲੱਗੀਆਂ, ਹੁਣ ਮੁੱਖ ਮੰਤਰੀ ਸਟਰੀਟ ਲਾਈਟ ਸਕੀਮ ਤਹਿਤ 2.5 ਲੱਖ ਲਾਈਟਾਂ ਲਗਾਈਆਂ ਜਾਣਗੀਆਂ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਹੁਣ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 7ਵੇਂ ਸਥਾਨ 'ਤੇ ਹੈ ਅਤੇ ਪਿਛਲੇ ਸਾਲ ਦੇ ਬੀ ਦੇ ਮੁਕਾਬਲੇ ਏ ਗ੍ਰੇਡ ਵਿੱਚ ਅੱਪਗ੍ਰੇਡ ਹੋ ਗਿਆ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਿਹਤ ਬੀਮਾ ਯੋਜਨਾ ਤਹਿਤ 778 ਕਰੋੜ ਰੁਪਏ ਅਲਾਟ ਕਰਨ ਦਾ ਐਲਾਨ ਕੀਤਾ। ਚੀਮਾ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਹੈਲਥ ਕਾਰਡ ਜਾਰੀ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ।
ਖੇਤੀ ਖੇਤਰ ਵਿੱਚ ਬਿਜਲੀ ਸਬਸਿਡੀ
ਮੰਤਰੀ ਨੇ ਕਿਹਾ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਸੈਕਟਰ ਲਈ ਬਿਜਲੀ ਸਬਸਿਡੀ ਦਾ ਪ੍ਰਬੰਧ ਕੀਤਾ ਗਿਆ ਹੈ। ਵਿੱਤੀ ਸਾਲ 2025-26 ਦੇ ਬਜਟ ਵਿੱਚ ਇਸ ਦੇ ਲਈ 9,992 ਕਰੋੜ ਰੁਪਏ ਰੱਖੇ ਗਏ ਹਨ।