ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐੱਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੰਮ੍ਰਿਤਸਰ, ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ 13258 ਪ੍ਰਾਣੀਆਂ ਨੇ ਅੰਮ੍ਰਿਤ ਸੰਚਾਰ ਕੀਤਾ ਹੈ।
ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਮੁੱਦਾ
ਪ੍ਰਧਾਨ ਧਾਮੀ ਨੇ ਕਿਹਾ ਕਿ "ਅੱਜ ਦੀ ਪ੍ਰੈੱਸ ਕਾਨਫਰੰਸ ਦਾ ਅਹਿਮ ਮੁੱਦਾ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਹੈ। ਸੁਪਰੀਮ ਕੋਰਟ ਆਫ ਇੰਡੀਆ ਅਤੇ ਪੀਐਮਓ ਆਫ ਇੰਡੀਆ ਨੂੰ ਵੀ ਇਸ ਸਬੰਧੀ ਫਿਰ ਤੋਂ ਲਿਖਿਆ ਜਾਵੇਗਾ। 12 ਅਕਤੂਬਰ 2010 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਸਦੇ ਉੱਪਰ ਅਪੀਲ ਪਾਈ ਗਈ ਸੀ ਅਤੇ ਫਿਰ 31 ਮਾਰਚ 2012 ਨੂੰ ਫਾਂਸੀ ਦੇਣ ਦੀ ਤਰੀਕ ਤੈਅ ਕੀਤੀ ਗਈ ਸੀ। ਬਾਅਦ ਵਿੱਚ ਫਿਰ ਅਪੀਲ ਪਾਉਣ ਤੋਂ ਬਾਅਦ ਦੀ ਸਜ਼ਾ ਦੇ ਉੱਪਰ ਪੱਕੇ ਤੌਰ ਉੱਤੇ ਸਟੇਅ ਲਗਾ ਦਿੱਤਾ ਗਈ। ਕੁਝ ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਲਈ ਰਾਹਤ ਦੀ ਗੱਲ ਕੀਤੀ ਗਈ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਸ ਦੇ ਉੱਪਰ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫੈਸਲੇ ਨੂੰ ਬਦਲ ਨਹੀਂ ਰਹੀ।"
ਪੀਐਮਓ ਨੂੰ ਲਿਖਾਂਗੇ ਪੱਤਰ
ਐੱਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਉਹ ਖੁਦ ਮੁਲਾਕਾਤ ਕਰਕੇ ਆਏ ਹਨ ਅਤੇ ਉਨ੍ਹਾਂ ਨੇ ਜਲਦ ਤੋਂ ਜਲਦ ਇਸ ਮੁੱਦੇ ਨੂੰ ਨਿਪਟਾਉਣ ਲਈ ਵੀ ਕਿਹਾ ਹੈ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕਣ ਲੱਗਿਆ ਕਿਹਾ ਸੀ ਕਿ ਉਹ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਵਾਉਣਗੇ। ਭਾਈ ਬਲਵੰਤ ਸਿੰਘ ਰਾਜੋਆਣਾ ਨੇ ਹੁਣ ਇਹ ਗੱਲ ਕਹਿ ਦਿੱਤੀ ਹੈ ਕਿ ਉਨ੍ਹਾਂ ਦਾ ਜਿਓਣ ਅਤੇ ਮਰਨ ਵਿੱਚ ਕੋਈ ਫਰਕ ਨਹੀਂ ਅਤੇ ਇਸ ਸਬੰਧੀ ਉਹ ਪੀਐਮਓ ਇੰਡੀਆ ਨੂੰ ਵੀ ਪੱਤਰ ਲਿਖਣਗੇ।
ਐੱਸਜੀਪੀਸੀ ਦੇ ਮੁਲਾਜ਼ਮਾਂ ਨੂੰ ਮਿਲੇਗਾ ਮਹਿੰਗਾਈ ਭੱਤਾ
ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ 20 ਅਪ੍ਰੈਲ ਤੱਕ ਉਨ੍ਹਾਂ ਨੇ ਸਿੰਘ ਸਾਹਿਬਾਨਾਂ ਦੀ ਸੇਵਾ ਮੁਕਤੀ ਅਤੇ ਸੇਵਾ ਸੰਭਾਲ ਲਈ ਸੰਗਤ ਅਤੇ ਧਾਰਮਿਕ ਸੰਸਥਾਵਾਂ ਤੋਂ ਰਾਏ ਮੰਗੀ ਸੀ। ਪਰ ਬਹੁਤ ਸਾਰੀਆਂ ਸੰਸਥਾਵਾਂ ਦੀਆਂ ਸਲਾਹਾਂ ਆਉਣੀਆਂ ਬਾਕੀ ਹਨ ਇਸ ਲਈ ਇਸ ਤਰੀਕ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਮਹਿੰਗਾਈ ਦੇ ਮੱਦੇਨਜ਼ਰ ਐੱਸਜੀਪੀਸੀ ਦੇ ਮੁਲਾਜ਼ਮਾਂ ਨੂੰ 4 ਫੀਸਦ ਮਹਿੰਗਾਈ ਭੱਤਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਚਾਲੇ ਬਹਿਸ ਦੀ ਹੋਈ ਵੀਡੀਓ ਵਾਇਰਲ ਮਾਮਲੇ ਅਤੇ ਐੱਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਿੱਖ ਮਸਲਿਆਂ ਦੇ ਵਿੱਚ ਬੋਲੇ ਕਿਉਂਕਿ ਗੁਰਦੁਆਰਾ ਐਕਟ 1925 ਅਧੀਨ ਸਿੱਖ ਮਸਲਿਆਂ ਦੀ ਗੱਲਬਾਤ ਐੱਸਡੀਪੀਸੀ ਦੇ ਦਫਤਰ ਵਿੱਚ ਹੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਐੱਸਜੀਪੀਸੀ ਵੱਲੋਂ ਬੜੇ ਹੀ ਸ਼ਰਧਾ ਦੇ ਸਤਿਕਾਰ ਨਾਲ ਮਨਾਈ ਜਾਵੇਗੀ।