ਬਠਿੰਡਾ: ਬਠਿੰਡਾ ਦੇ ਖੇਤਾ ਸਿੰਘ ਬਸਤੀ ਵਿੱਚ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਦੋਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਇੱਕ ਘਰ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਤੇਜ਼ਧਾਰ ਹਥਿਆਰਾਂ ਨਾਲ ਘਰ ਅੰਦਰ ਪਏ ਸਮਾਨ ਦੀ ਵੀ ਬੁਰੀ ਤਰ੍ਹਾਂ ਭੰਨ ਤੋੜ ਕਰ ਦਿੱਤੀ। ਇਸ ਘਟਨਾਕ੍ਰਮ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਜਿਸ ਤੋਂ ਬਾਅਦ ਥਾਣਾ ਥਰਮਲ ਪੁਲਿਸ ਵੱਲੋਂ ਕਰੀਬ ਅੱਧੀ ਦਰਜਨ ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਵੱਲੋਂ 5 ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ
ਇਸੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਥਰਮਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਖੇਤਾ ਸਿੰਘ ਬਸਤੀ ਦੇ ਰਹਿਣ ਵਾਲੇ ਅਰਮਾਨ ਨਾਮਕ ਨੌਜਵਾਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕੀ ਬੀਤੀ ਅੱਧੀ ਰਾਤ ਉਨ੍ਹਾਂ ਦੇ ਘਰ 'ਤੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਘਰ ਅੰਦਰ ਪਏ ਸਮਾਨ ਦੀ ਜਿੱਥੇ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਉੱਥੇ ਹੀ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਤੱਕ ਤੋੜ ਦਿੱਤੇ ਗਏ। ਪੁਲਿਸ ਵੱਲੋਂ ਅਰਮਾਨ ਦੀ ਸ਼ਿਕਾਇਤ 'ਤੇ ਕਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
'ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਨੌਜਵਾਨਾਂ ਦੀ ਗ੍ਰਿਫਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ'
ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨ ਨਾਬਾਲਿਗ ਹਨ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵੱਲੋਂ ਇਸ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੀ ਪਹਿਲਾਂ ਗਲੀ ਦੇ ਵਿੱਚ ਮੋਟਰਸਾਈਕਲ ਖੜਾਉਣ ਨੂੰ ਲੈ ਕੇ ਆਪਸੀ ਤਕਰਾਰ ਹੋਈ ਸੀ। ਜਿਸ ਤੋਂ ਬਾਅਦ ਹਮਲਾਵਰ ਵੱਲੋਂ ਇਨ੍ਹਾਂ ਦੇ ਘਰ ਦੇ ਉੱਪਰ ਹਮਲਾ ਕੀਤਾ ਗਿਆ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਨੌਜਵਾਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।