ਅੰਮ੍ਰਿਤਸਰ: ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਮਜੀਠਾ ਨਕਲੀ ਸ਼ਰਾਬ ਮਾਮਲੇ ਦੇ 14 ਮੁਲਜ਼ਮਾਂ ਨੂੰ ਇੱਕ ਵਾਰ ਫਿਰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਸਾਰੇ ਮੁਲਜ਼ਮਾਂ ਨੂੰ ਅੱਜ ਉਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੁਲਿਸ ਨੇ ਮੁਲਜ਼ਮਾਂ ਦਾ ਇੱਕ ਹਫ਼ਤੇ ਦਾ ਰਿਮਾਂਡ ਮੰਗਿਆ, ਪਰ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ।
ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਅਜੇ ਵੀ ਜਾਰੀ ਹੈ। ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੇ ਪਿਛਲੇ ਅਤੇ ਅੱਗੇ ਦੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਇਸ ਤੋਂ ਇਲਾਵਾ, ਲੁਧਿਆਣਾ ਅਤੇ ਦਿੱਲੀ ਦੇ ਸਪਲਾਇਰਾਂ ਦੇ ਰਿਕਾਰਡ ਦੀ ਵੀ ਭਾਲ ਕੀਤੀ ਜਾ ਰਹੀ ਹੈ। ਇਸ ਸਮੇਂ, ਇਸ ਮਾਮਲੇ ਵਿੱਚ 16 ਮੁਲਜ਼ਮ ਹਿਰਾਸਤ ਵਿੱਚ ਹਨ, ਜਦੋਂ ਕਿ 2 ਅਜੇ ਵੀ ਫਰਾਰ ਹਨ। ਇਸ ਦੇ ਨਾਲ ਹੀ, ਮੌਤਾਂ ਦੀ ਗਿਣਤੀ 27 ਤੱਕ ਪਹੁੰਚ ਗਈ ਹੈ।

ਡੀਐੱਸਪੀ ਨੇ ਦਿੱਤੀ ਜਾਣਕਾਰੀ
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ.ਐੱਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਹੋਰ ਮਿਲਿਆ ਹੈ। ਉਨ੍ਹਾਂ ਕਿਹਾ ਕਿ 14 ਮੁਲਜ਼ਮ ਹਨ ਜਿਨ੍ਹਾਂ ਦਾ ਸਾਨੂੰ ਫੇਰ 4 ਦਿਨਾਂ ਦਾ ਰਿਮਾਂਡ ਮਿਲਿਆ ਹੈ। ਅੱਜ ਇਹ ਸਾਰੇ ਦੇ ਸਾਰੇ ਹੀ ਅਦਾਲਤ ਵਿੱਚ ਪੇਸ਼ ਕੀਤੇ ਗਏ ਸੀ। ਜੋ ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ, ਉਸਨੂੰ ਜੁਡੀਸ਼ੀਅਲ ਵਿੱਚ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਦਰਜਨ ਤੋਂ ਵੱਧ ਮੌਤਾਂ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ 'ਚ ਅੱਜ ਅੰਕੜਾ ਸਾਹਮਣੇ ਆਇਆ ਕਿ 27 ਲੋਕਾਂ ਦੀ ਇਸ ਜ਼ਹਿਰੀਲੀ ਸ਼ਰਾਬ ਨਾਲ ਜਾਨ ਚਲੀ ਗਈ ਹੈ। ਉੱਥੇ ਹੀ ਇਸ ਘਟਨਾ ਤੋਂ ਬਾਅਦ ਜਿਥੇ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਦੇ ਪੀੜਤ ਪਰਿਵਾਰਾਂ ਲਈ ਮਦਦ ਦੇ ਹੱਥ ਵਧਾਏ ਸਨ ਤਾਂ ਉਥੇ ਹੀ ਪੰਜਾਬ ਪੁਲਿਸ ਵੀ ਐਕਸ਼ਨ 'ਚ ਹੈ। ਇਸ 'ਚ ਪੰਜਾਬ ਸਰਕਾਰ ਨੇ ਜਿਥੇ ਪੀੜਤ ਪਰਿਵਾਰਾਂ ਲਈ 10 ਲੱਖ ਦੀ ਸਹਾਇਤਾ ਰਾਸ਼ੀ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਤਾਂ ਉਥੇ ਹੀ ਪੁਲਿਸ ਵੱਲੋਂ ਹੁਣ ਤੱਕ ਕੁੱਲ 18 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੋਂ ਤੱਕ ਕਿ ਅਫ਼ਸਰਾਂ ਨੂੰ ਵੀ ਸਸਪੈਂਡ ਕਰਨ ਦੀ ਗੱਲ ਸਾਹਮਣੇ ਆਈ ਹੈ।

ਪੀੜਤ ਪਰਿਵਾਰਾਂ ਨੂੰ ਵੰਡੇ ਮੁਆਵਜ਼ਾ ਚੈੱਕ
ਦੱਸ ਦਈਏ ਕਿ ਹਲਕਾ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ੇ ਰਾਸ਼ੀ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 22 ਪਰਿਵਾਰਾਂ ਨੂੰ ਚੈੱਕ ਵੰਡੇ ਜਾ ਚੁੱਕੇ ਹਨ। ਬਾਕੀ ਪਰਿਵਾਰਾਂ ਨੂੰ ਵੀ ਅਗਲੇ ਇਕ-ਦੋ ਦਿਨਾਂ ਵਿੱਚ ਚੈੱਕ ਵੰਡੇ ਜਾਣਗੇ।
ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ:ਧਾਲੀਵਾਲ
ਮੰਤਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਨਾ ਸਿਰਫ਼ ਮ੍ਰਿਤਕਾਂ ਦੇ ਸਸਕਾਰ ਅਤੇ ਭੋਗ ਦਾ ਖਰਚਾ ਉਠਾਇਆ ਜਾ ਰਿਹਾ ਹੈ, ਸਗੋਂ ਜਿਨ੍ਹਾਂ ਪਰਿਵਾਰਾਂ ਵਿੱਚ ਬੱਚੇ ਛੋਟੇ ਹਨ, ਉਨ੍ਹਾਂ ਦੀ ਪੜ੍ਹਾਈ ਦਾ ਭਾਰ ਵੀ ਸਰਕਾਰ ਦੇ ਮੋਢਿਆ 'ਤੇ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਲੋਕ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਹਨ, ਉਨ੍ਹਾਂ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਕਿਹਾ ਕਿ ਕਿਸੇ ਵੀ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੀ ਜਾਇਦਾਦ 'ਤੇ ਐਕਸ਼ਨ
ਉਨ੍ਹਾਂ ਦੱਸਿਆ ਕਿ ਦੋ ਮੁਲਜ਼ਮ ਦਿੱਲੀ ਤੋਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੀ ਹਮਾਇਤ ਕਰਦੇ ਹੋਏ ਨਸ਼ਾ ਵਿਰੁੱਧ ਮੁਹਿੰਮ ਨੂੰ ਤੇਜ਼ ਕੀਤਾ ਹੈ। ਇਸ ਮੁਹਿੰਮ ਤਹਿਤ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੀ ਜਾਇਦਾਦ ਨੂੰ ਵੀ ਸੀਲ ਕੀਤਾ ਜਾਵੇਗਾ।
ਦਿੱਲੀ ਤੋਂ ਪਿਓ-ਪੁੱਤ ਕੀਤੇ ਗ੍ਰਿਫ਼ਤਾਰ
ਕਾਬਿਲੇਗੌਰ ਹੈ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿੱਚ ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦੋ ਹੋਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਇਹ ਦੋਵੇਂ ਮੁਲਜ਼ਮ, ਜੋ ਕਿ ਪਿਓ-ਪੁੱਤਰ ਹਨ, ਦਿੱਲੀ ਦੇ ਮਾਡਲ ਟਾਊਨ ਇਲਾਕੇ ਤੋਂ ਗ੍ਰਿਫਤਾਰ ਕੀਤੇ ਗਏ ਸਨ। ਇਸ ਸਬੰਧੀ ਡੀਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਮਜੀਠਾ ਕਾਂਡ ਵਿੱਚ ਵਰਤੀ ਗਈ ਮੀਥਾਨੌਲ ਦੀ ਸਪਲਾਈ ਕਰਦੇ ਸਨ। ਉਨ੍ਹਾਂ ਨੂੰ ਦਿੱਲੀ ਤੋਂ ਲਿਆ ਕੇ ਅੱਜ ਸਖ਼ਤ ਸੁਰੱਖਿਆ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਕੈਬਨਿਟ ਮੰਤਰੀ @KuldeepSinghAAP ਜੀ ਨੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਜਾਨਾਂ ਗਵਾਉਣ ਵਾਲੇ 27 ਮ੍ਰਿਤਕਾਂ ਵਿੱਚੋਂ 22 ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਉਹਨਾਂ ਨੇ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਮਾਨ ਸਰਕਾਰ ਵੱਲੋਂ ਕਿਸੇ ਵੀ ਕੀਮਤ 'ਤੇ… pic.twitter.com/0CBx76kIIt
— AAP Punjab (@AAPPunjab) May 15, 2025
ਹੁਣ ਤੱਕ ਮਾਮਲੇ 'ਚ 18 ਗ੍ਰਿਫ਼ਤਾਰੀਆਂ
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 16 ਸ਼ੱਕੀ ਮੁਲਜ਼ਮਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਨ੍ਹਾਂ ਨੂੰ 2 ਤੋਂ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਂਡ ਸਬੰਧੀ ਕੁੱਲ 18 ਦੇ ਕਰੀਬ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।