ETV Bharat / state

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ: ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਤੇ ਕਾਢਾਂ ਦੀ ਕਰੋ ਵਰਤੋਂ

author img

By ETV Bharat Punjabi Team

Published : Mar 2, 2024, 7:11 PM IST

Etv Bharat
Etv Bharat

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸਸ਼ਕਤ ਬਣਾਇਆ ਜਾ ਸਕੇ।

'ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਕਰ ਰਹੀ ਹੈ ਠੋਸ ਉਪਰਾਲੇ': ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਅਗਾਂਹਵਧੂ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਈ-ਟੈੱਕ ਸਕੂਲ ਨੌਜਵਾਨਾਂ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਉਹ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰ ਰਹੇ ਹਨ।

ਸੀਐਮ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਲਗਨ ਨਾਲ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਉਹ ਆਉਣ ਵਾਲੇ ਸਮੇਂ ਨਾਲ ਪ੍ਰਸੰਗਕ ਬਣੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਲੀਕ ਤੋਂ ਹਟਵੇਂ ਵਿਚਾਰਾਂ ਨੂੰ ਉਤਸ਼ਾਹਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਦਾ ਇਤਿਹਾਸਕ ਫੈਸਲਾ ਲਿਆ ਸੀ, ਜਿਸ ਨਾਲ 55 ਮੈਗਾ ਵਾਟ ਬਿਜਲੀ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਝੁਲਸਦੀ ਗਰਮੀ ਤੋਂ ਬਚ ਕੇ ਕੰਮ ਕਰਵਾਉਣ ਦੀ ਸਹੂਲਤ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਵਿੱਚ ਸਹਾਇਤਾ ਮਿਲਦੀ ਹੈ ਅਤੇ ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।

ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਉਨ੍ਹਾਂ ਹਰੇਕ ਖ਼ੇਤਰ ਵਿੱਚ ਆਪਣੀ ਪਛਾਣ ਬਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਨੌਜਵਾਨ ਆਪਣੀ ਪਛਾਣ ਕਾਇਮ ਕਰਨ ਲਈ ਅਣਥੱਕ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਚੰਗਾ ਸੰਕੇਤ ਹੈ ਕਿਉਂਕਿ ਨੌਜਵਾਨ ਆਪਣੀ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਆਪੋ-ਆਪਣੇ ਖੇਤਰਾਂ ਵਿੱਚ ਉੱਚਾ ਮੁਕਾਮ ਹਾਸਿਲ ਕਰਨਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗਾ ਸੰਕੇਤ ਹੈ ਅਤੇ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਕਿਸੇ 'ਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਬੱਚੇ ਨੂੰ ਹਰ ਸੁੱਖ-ਸਹੂਲਤ ਪ੍ਰਦਾਨ ਕਰਨ ਵਾਲੇ ਮਾਪੇ ਆਪਣੇ ਬੱਚਿਆਂ ਨੂੰ ‘ਸਰਕਸ ਦਾ ਸ਼ੇਰ’ ਬਣਾ ਰਹੇ ਹਨ, ਜਿਨ੍ਹਾਂ ਨੂੰ ਸ਼ਿਕਾਰ ਕਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਆਪਣੇ ਬੱਚੇ ਨੂੰ ਸਖ਼ਤ ਮਿਹਨਤ ਕਰਨ ਦੇ ਯੋਗ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਬੁਲੰਦੀਆਂ ਛੂਹ ਸਕਣ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ੋਰ-ਸ਼ੋਰ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ 'ਤੇ ਤਰੱਕੀ ਅਤੇ ਖ਼ੁਸ਼ਹਾਲੀ ਦੀ ਬਹੁਤ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਗਤੀ ਦੇਣ ਲਈ ਵਚਨਬੱਧ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.