ਬਠਿੰਡਾ: ਪੁਲਿਸ ਵੱਲੋਂ ਪਿੰਡ ਚਾਓਕੇ ਵਿਖੇ ਆਦਰਸ਼ ਸਕੂਲ ਅੱਗੇ ਪ੍ਰਦਰਸ਼ਨ ਕਰ ਰਹੇ ਬਰਖ਼ਾਸਤ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ। ਦੱਸਣਯੋਗ ਹੈ ਕਿ ਬਠਿੰਡਾ ਦੇ ਪਿੰਡ ਚਾਓਕੇ ਵਿਖੇ ਆਦਰਸ਼ ਸਕੂਲ ਅੱਗੇ ਬਰਖ਼ਾਸਤ ਕੀਤੇ ਅਧਿਆਪਕਾਂ ਅਤੇ ਕਿਸਾਨ ਯੂਨੀਅਨ ਵੱਲੋਂ ਪਿਛਲੇ ਕਰੀਬ ਦੋ ਮਹੀਨੇ ਤੋਂ ਚੱਲ ਰਹੇ ਪ੍ਰਦਰਸ਼ਨ ਨੂੰ ਅੱਜ ਦਿਨ ਚੜ੍ਹਦੇ ਹੀ ਚੁੱਕ ਦਿੱਤਾ ਗਿਆ। ਇਸ ਮੌਕੇ ਧਰਨੇ 'ਤੇ ਬੈਠੇ ਕਰੀਬ ਇੱਕ ਦਰਜਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਭ੍ਰਿਸ਼ਟਾਚਾਰੀਆਂ ਦਾ ਸਾਥ ਦੇ ਰਹੀ ਸਰਕਾਰ
ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਰੋਸ ਵੱਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਅਧਿਆਪਕਾਂ ਵੱਲੋਂ ਰਾਮਪੁਰਾ ਫੂਲ ਦੇ ਥਾਣਾ ਸਦਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ 'ਤੇ ਲਾਠੀਚਾਰਜ ਕਰਦੇ ਹੋਏ ਹਿਰਾਸਤ ਵਿੱਚ ਲਿਆ ਗਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਉੱਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਕੂਲ ਮੈਨੇਜਮੈਂਟ ਦੀ ਧੱਕੇਸ਼ਾਹੀ ਦਾ ਸਾਥ ਦਿੰਦੇ ਹੋਏ ਪੁਲਿਸ ਨੇ ਅੱਜ ਧੱਕਾ ਕੀਤਾ ਹੈ। ਅਧਿਆਪਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਖਦੇੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਦਾ ਸਮਾਂ ਸੀ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੀ ਹੋਣ ਦਾ ਦਾਅਵਾ ਕਰਦੀ ਸੀ ਪਰ ਹੁਣ ਉਹ ਹੀ ਸਰਕਾਰ ਭ੍ਰਿਸ਼ਟਾਚਾਰ 'ਚ ਲਿਪਤ ਲੋਕਾਂ ਦੀ ਨੁਮਾਇੰਦਗੀ ਕਰ ਰਹੀ ਹੈ।
ਸਕੂਲ ਮੈਨੇਜਮੈਂਟ ਨੇ ਕੀਤਾ ਘਪਲਾ
ਧਰਨਾਕਾਰੀਆਂ ਨੇ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਕੀਤੇ ਗਏ ਘਪਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਪੁਸਤਕਾਂ ਉਪਲਬਧ ਨਹੀਂ ਕਰਵਾਈਆਂ ਗਈਆਂ, ਜਿਸ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਇਸ ਨੂੰ ਲੈ ਕੇ ਹੀ ਪਿਛਲੇ ਕਰੀਬ ਸਵਾ ਦੋ ਮਹੀਨਿਆਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਅੱਜ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਅਤੇ ਕਿਸਾਨਾਂ ਦੇ ਲਾਠੀਚਾਰਜ ਕੀਤਾ ਗਿਆ ਹੈ। ਜਿਸ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।
ਕਿਸਾਨਾਂ ਨੇ ਕੀਤਾ ਵਿਰੋਧ
ਉਧਰ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕਰੀਬ ਇੱਕ ਦਰਜਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਥਾਣੇ ਦਾ ਮੁੱਖ ਗੇਟ ਘੇਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਹਲਕਾ ਬਲ ਪ੍ਰਯੋਗ ਕਰਕੇ ਹਟਾਇਆ ਗਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਵੀ ਇਸ ਧੱਕੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਆਪ ਦੀ ਸਰਕਾਰ ਹਰ ਵਰਗ ਨੂੰ ਤੰਗ ਕਰ ਰਹੀ ਹੈ। ਸ਼ਾਂਤਮਈ ਢੰਗ ਨਾਲ ਧਰਨਾ ਕਰ ਰਹੇ ਲੋਕਾਂ ਨਾਲ ਅਜਿਹਾ ਧੱਕਾ ਕਰਨਾ ਬੇਹੱਦ ਨਿੰਦਣਯੋਗ ਹੈ।