ਬਠਿੰਡਾ/ਬਰਨਾਲਾ: ਪਿਛਲੇ ਕਰੀਬ 10 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰਦੇ ਕਿਸਾਨਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਵੱਲੋਂ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸੇ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ 7 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਸੀ ਪਰ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਬੀਤੀ ਦੇਰ ਰਾਤ ਡਿਪਟੀ ਕਮਿਸ਼ਨਰ ਦਫਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।
ਜੇਲ੍ਹ 'ਚੋਂ ਰਿਹਾਅ ਹੋਏ ਕਿਸਾਨਾਂ ਵੱਲੋਂ ਭੁੱਖ ਹੜਤਾਲ
ਇਸ ਤੋਂ ਬਾਅਦ ਪੁਲਿਸ ਵੱਲੋਂ ਕਰੀਬ ਅੱਧੀ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੇ ਕੈਦੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਕੈਦੀ ਵਾਰਡ ਵਿੱਚ ਦਾਖਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਜਥੇਬੰਦੀ ਦੇ ਕਰੀਬ 100 ਤੋਂ ਉੱਪਰ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਇਸੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਭੁੱਖ ਹੜਤਾਲ ਕੀਤੀ ਗਈ ਹੈ। ਜਿੰਨਾਂ ਸਮਾਂ ਪੰਜਾਬ ਸਰਕਾਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਹੀਂ ਕਰਦੀ ਅਤੇ ਘਸੋਖਾਨਾ ਪਿੰਡ ਵਿੱਚ ਚੱਲ ਰਹੇ ਸੰਘਰਸ਼ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਉਹ ਭੁੱਖ ਹੜਤਾਲ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਦਾ ਜਵਾਬ ਕਿਸਾਨਾਂ ਵੱਲੋਂ ਸੰਘਰਸ਼ ਕਰਕੇ ਦਿੱਤਾ ਜਾਵੇਗਾ।
ਸੀਐਮ ਮਾਨ ਤੇ ਕੇਜਰੀਵਾਲ ਦੇ ਫੂਕੇ ਪੁਤਲੇ
ਉਧਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ ਦੀਆ ਲਗਾਤਾਰ ਗ੍ਰਿਫ਼ਤਾਰੀਆਂ ਖਿਲਾਫ ਅੱਜ ਸੂਬੇ ਭਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਵੱਲੋਂ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਗਏ ਸੀ। ਕਿਸਾਨ ਆਗੂ ਰਣ ਸਿੰਘ ਚੱਠਾ ਅਤੇ ਰਾਮ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਤਾਰ ਕਿਸਾਨਾਂ ਦੇ ਸੰਘਰਸ਼ ਨੂੰ ਕੁਚਲਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਲਗਾਤਾਰ ਕਿਸਾਨੀ ਮੰਗਾਂ ਅਤੇ ਲੋਕ ਮੁੱਦਿਆਂ 'ਤੇ ਸੰਘਰਸ਼ ਕੀਤੇ ਜਾ ਰਹੇ ਹਨ।
ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਕੱਢੀ ਜਾ ਰਹੀ ਪਾਈਪਲਾਈਨ
ਕਿਸਾਨਾਂ ਦਾ ਕਹਿਣਾ ਕਿ ਪਿਛਲੇ ਦਿਨ ਹੀ ਬਠਿੰਡਾ ਦੇ ਹਲਕਾ ਮੌੜ ਮੰਡੀ ਦੇ ਪਿੰਡ ਘਸੋਖਾਨਾ ਵਿਖੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਦੀ ਸ਼ਹਿ 'ਤੇ ਪ੍ਰਸ਼ਾਸਨ ਵੱਲੋਂ ਸੀਵਰੇਜ ਦੀ ਪਾਇਪ ਕੱਢੀ ਜਾ ਰਹੀ ਹੈ। ਵਿਰੋਧ ਕਰ ਰਹੇ ਕਿਸਾਨਾਂ ਨੂੰ ਪਿਛਲੇ ਦੱਸ ਦਿਨਾਂ ਤੋਂ ਲਗਾਤਾਰ ਗ੍ਰਿਫਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਕਿਸਾਨਾਂ ਵੱਲੋਂ ਪੁਤਲੇ ਫੂਕਣ ਉਪਰੰਤ ਗ੍ਰਿਫ਼ਤਾਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਬਰਨਾਲਾ ਵਿੱਚ ਵੀ ਪ੍ਰਦਰਸ਼ਨ
ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨਾਂ ਉੱਪਰ ਢਾਹੇ ਗਏ ਜ਼ਬਰ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਜ਼ਿਲ੍ਹਾ ਦੇ ਡੀਸੀ ਦਫ਼ਤਰ ਅੱਗੇ ਕੇਜਰੀਵਾਲ ਤੇ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ ਹੈ। ਇਹ ਪ੍ਰਦਰਸ਼ਨ ਅੰਮ੍ਰਿਤਸਰ ਵਿੱਚ ਗੜਿਆਂ ਦੀ ਮਾਰ ਕਰਕੇ ਮੰਗ ਪੱਤਰ ਦੇਣ ਗਏ ਕਿਸਾਨਾਂ ਉੱਪਰ ਲਾਠੀ ਚਾਰਜ ਦੇ ਰੋਸ ਵਜੋਂ ਕੀਤਾ ਗਿਆ। ਕਿਸਾਨਾਂ ਨੇ 2027 ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਸਰਕਾਰ ਨੂੰ ਇਸ ਦਾ ਮੂੰਹ ਤੋੜਵਾਂ ਜਵਾਬ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਨੇ ਉੱਪਰ ਬੈਠੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿੱਚ ਅੱਜ ਡੀਸੀ ਦਫਤਰ ਅੱਗੇ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਸੜ ਗਏ ਹਨ। ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਗੜਿਆਂ ਦੀ ਮਾਰ ਕਰਕੇ ਆਪਣਾ ਮੰਗ ਪੱਤਰ ਦੇਣ ਲਈ ਗਏ ਸਨ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ ਲਾਠੀ ਚਾਰਜ ਕਰਕੇ ਜੇਲ ਵਿੱਚ ਭੇਜ ਦਿੱਤਾ ਗਿਆ ਹੈ। ਜੇਕਰ ਸਾਡੀ ਮੰਗ ਨਹੀਂ ਮੰਨੀ ਗਈ ਤਾਂ ਬਰਨਾਲਾ ਜ਼ਿਲਾ ਵਿੱਚ ਉਹ ਆਪਣੀ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਅਤੇ ਭਾਰਤੀ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਵੱਡਾ ਸੰਘਰਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਭਾਰਤ ਇੱਕ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਭਾਰਤੀ ਜਥੇਬੰਦੀਆਂ ਸਿੱਧੂਪੁਰ ਦਾ ਰੱਖਿਆ ਹੋਇਆ ਹੈ ਜਿਸ ਤਰਾਂ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਇਹ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਉੱਪਰ ਜਬਰ ਜ਼ੁਲਮ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਿਹੜੇ ਧਰਨੇ ਲਗਾਏ ਜਾਂਦੇ ਹਨ ਪੰਜਾਬ ਸਰਕਾਰ ਧਰਨੇ ਲਗਾਉਣ ਵਾਲੇ ਕਿਸਾਨਾਂ ਨੂੰ ਜੇਲ ਵਿੱਚ ਬੰਦ ਕਰ ਰਹੀ ਹੈ। ਸਾਡੀਆਂ ਜਥੇਬੰਦੀਆਂ ਪੰਜਾਬ ਸਰਕਾਰ ਦਾ ਵਿਰੋਧ ਕਰਦੀਆਂ ਹਨ ਅਤੇ ਧਰਨੇ ਲਾਉਣ ਵਾਲੀਆਂ ਜਥੇਬੰਦੀਆਂ ਨਾਲ ਸਮਰਥਨ ਕਰਦੀਆਂ ਹਨ। ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਉਹਨਾਂ ਦੀ ਸਰਕਾਰ ਦਾ ਵਿਰੋਧ ਕਰਨ ਵਾਲਾ ਕੋਈ ਨਹੀਂ ਹੈ ਪਰ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ 2027 ਵਿੱਚ ਇਸ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ 26 ਝੋਨਾ ਲਿਆ ਜਾਵੇਗਾ ਪਰ ਸਰਕਾਰ ਵੱਲੋਂ ਹੁਣ ਉਹ ਨਹੀਂ ਖ਼ਰੀਦਿਆ ਗਿਆ ਜਿਸ ਕਰਕੇ ਕਿਸਾਨਾਂ ਵੱਲੋਂ ਉਸ ਨੂੰ ਕਾਟ ਕੱਟ ਕੇ ਵੇਚਿਆ ਗਿਆ। ਉਨ੍ਹਾਂ ਸਾਰੇ ਜਥੇਬੰਦੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਕੱਠੇ ਹੋ ਕੇ ਇਹਨਾਂ ਤੋਂ ਪਿੰਡਾਂ ਵਿੱਚ ਸਵਾਲ ਪੁੱਛਿਆ ਜਾਵੇਗਾ। ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਮੈਂ ਆਮ ਘਰਾਂ ਦਾ ਮੁੰਡਾ ਹਾਂ ਦਾ ਮੁੰਡਾ ਹਾਂ, ਜਿਸ ਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।