ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਕਣਕ ਲੈ ਕੇ ਆਏ ਪਹਿਲੇ ਕਿਸਾਨ ਦਾ ਕਰਵਾਇਆ ਮੂੰਹ ਮਿੱਠਾ
ਪਹਿਲੀ ਢੇਰੀ ਦੀ ਖਰੀਦ ਹੋਣ ਵਾਲੇ ਕਿਸਾਨ ਦਾ ਮੂੰਹ ਮਿੱਠਾ ਕਰਵਾਉਂਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ।
24 ਘੰਟੇ ਦੇ ਅੰਦਰ-ਅੰਦਰ ਹੋਵੇਗੀ ਪੇਮੈਂਟ
ਵਿਧਾਇਕ ਨੇ ਦਾਅਵਾ ਕਰਦਿਆਂ ਕਿਹਾ ਕਿ, 'ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅੰਦਰ ਖਰੀਦ ਦੀ ਪੇਮੈਂਟ ਕਰ ਦਿੱਤੀ ਜਾਵੇਗੀ ਅਤੇ ਕਿਸੇ ਕਿਸਾਨ ਨੂੰ ਮੰਡੀ ਵਿੱਚ ਰਾਤ ਨਹੀਂ ਕੱਟਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਅਤੇ ਵੇਚਣ ਯੋਗ ਹੀ ਫਸਲ ਲਿਆਂਦੀ ਜਾਵੇ, ਖੇਤਾਂ ਵਿੱਚੋਂ ਗਿੱਲੀ ਕਣਕ ਨੂੰ ਵੱਢ ਕੇ ਮੰਡੀ ਵਿੱਚ ਨਾ ਲਿਆਂਦਾ ਜਾਵੇ ਕਿਉਂਕਿ ਇਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਕਣਕ ਦੀ ਫਸਲ ਵੇਚਣ ਵਿੱਚ ਪਰੇਸ਼ਾਨੀ ਆ ਸਕਦੀ ਹੈ। ਮੰਡੀਆਂ ਵਿੱਚ ਪਾਣੀ ਲਾਈਟ, ਬੈਠਣ ਆਦਿ ਅਤੇ ਹੋਰ ਜ਼ਰੂਰੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ ਤਾਂ ਜੋ ਕਿਸਾਨਾਂ ਨੂੰ ਹੋਰ ਕੋਈ ਪਰੇਸ਼ਾਨੀ ਨਾ ਆਵੇ। ਬਾਰਿਸ਼ ਨੂੰ ਲੈ ਕੇ ਭਾਵੇਂ ਮੰਡੀ ਵਿੱਚ ਸ਼ੈਡ ਮੌਜੂਦ ਹੈ ਪਰ ਹੋਰ ਸਹੂਲਤਾਂ ਦੇਣ ਲਈ ਕਿਸਾਨਾਂ ਨੂੰ ਮੰਡੀ ਵਿੱਚ ਫੜ ਦੀ ਮਾਤਰਾ ਹੋਰ ਵਧਾਈ ਜਾਵੇਗੀ।'