ETV Bharat / state

ਪੰਜਾਬ ਸਰਕਾਰ ਵੱਲੋਂ PSPCL ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

author img

By ETV Bharat Punjabi Team

Published : Feb 16, 2024, 10:43 PM IST

Harbhajan Singh ETO
Harbhajan Singh ETO

PSPCL Initial Salary Hike : PSPCL ਦੇ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ: ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.