ਅੰਮ੍ਰਿਤਸਰ: ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜੇਲ੍ਹਾਂ ਅੰਦਰ ਲੋੜ ਤੋਂ ਜਿਆਦਾ ਲੋਕ ਹਨ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਸ਼ੇ ਦਾ ਸੇਵਨ ਕਰਦੇ ਰਹੇ ਹਨ। ਉਨ੍ਹਾਂ ਦੀ ਸਾਈਕੈਟਰੀਸਟ ਡਾਕਟਰ ਜਾਂਚ ਕਰਨਗੇ, ਜਲਦ ਹੀ ਪ੍ਰਾਈਵੇਟ ਸਾਈਕੈਟਰੀਸਟ ਅਤੇ ਕੌਂਸਲਰ ਦੀ ਭਰਤੀ ਕੀਤੀ ਜਾ ਰਹੀ ਹੈ। ਜਿਨਾਂ ਵੱਲੋਂ ਨਸ਼ਾ ਕਰਨ ਵਾਲੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਫਿਰ ਉਨ੍ਹਾਂ ਨੂੰ ਕਿਸੇ ਨਾ ਕਿਸੇ ਕੰਮ ਲਈ ਪ੍ਰੇਰਿਤ ਕਰਕੇ ਕਮਲੇ ਲਾਇਆ ਜਾਵੇਗਾ।
ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧੀ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ''ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ।'' ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧੀ ਹੈ ਅਤੇ ਅਸੀਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਵੀ ਲੈ ਰਹੇ ਹਾਂ, ਜੋ ਕਿ ਇਨਾਂ ਨਸ਼ੇ ਦੇ ਰੋਗੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕਰਨਗੇ।
ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਵਿਸ਼ੇਸ਼ ਤੌਰ 'ਤੇ ਹੌਟਸਪੌਟ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। - ਡਾ. ਬਲਬੀਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ
ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ''ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇ। ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖ਼ਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।''