ETV Bharat / state

ਮਾਣਹਾਨੀ ਮਾਮਲਾ: ਭਲਕੇ ਮੁੱਖ ਮੰਤਰੀ ਭਗਵੰਤ ਮਾਨ ਸੁਖਬੀਰ ਬਾਦਲ ਵਲੋਂ ਪਾਏ ਮਾਣਹਾਨੀ ਕੇਸ 'ਚ ਹੋ ਸਕਦੇ ਪੇਸ਼

author img

By ETV Bharat Punjabi Team

Published : Feb 18, 2024, 2:07 PM IST

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਮਾਣਹਾਨੀ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਭਲਕੇ ਭਾਵ 19 ਫਰਵਰੀ ਨੂੰ ਸੁਣਵਾਈ ਹੋਣ ਜਾ ਰਹੀ ਹੈ। ਜਿਸ 'ਚ ਚਰਚਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਪੇਸ਼ ਹੋ ਸਕਦੇ ਹਨ।

ਮਾਣਹਾਨੀ ਮਾਮਲਾ
ਮਾਣਹਾਨੀ ਮਾਮਲਾ

ਸੁਖਬੀਰ ਬਾਦਲ ਵਲੋਂ ਪਾਏ ਕੇਸ 'ਚ ਹੋਵੇਗੀ ਸੁਣਵਾਈ

ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਰਾਜਪਾਲ ਰਾਵਲ, ਸਿਵਲ ਜੱਜ ਸੀਨੀਅਰ ਡਿਵੀਜ਼ਨ ਕੋਲ ਬੀਤੇ ਮਹੀਨੇ 11 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਜਿਸ 'ਚ ਸੁਖਬੀਰ ਬਾਦਲ ਵਲੋਂ 1 ਕਰੋੜ ਦਾ ਦਾਅਵਾ ਪੇਸ਼ ਕੀਤਾ ਗਿਆ ਸੀ। ਹੁਣ ਇਸ ਮਾਮਲੇ 'ਚ ਸੁਣਵਾਈ ਹੋਣ ਜਾ ਰਹੀ ਹੈ, ਜਿਸ ਦੇ ਚੱਲਦੇ ਭਲਕੇ ਭਾਵ 19 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਪੇਸ਼ ਹੋ ਸਕਦੇ ਹਨ।

ਓਪਨ ਡਿਬੇਟ 'ਚ ਮਾਨ ਨੇ ਆਖੀ ਸੀ ਇਹ ਗੱਲ: ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ 2023 ਨੂੰ ਖੁੱਲ੍ਹੀ ਬਹਿਸ ਬੁਲਾਈ ਸੀ। ਇਸ ਸਬੰਧੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਸੱਦਿਆ ਗਿਆ ਸੀ ਪਰ ਕੋਈ ਵੀ ਆਗੂ ਬਹਿਸ ਲਈ ਨਹੀਂ ਆਇਆ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਦਾ ਦਿੱਲੀ ਵਿੱਚ ਇੱਕ ਹੋਟਲ ਅਤੇ ਹਰਿਆਣਾ ਵਿੱਚ ਬਾਲਾਸਰ ਫਾਰਮ ਹੈ। ਇਸ ਲਈ ਬਾਦਲ ਪਰਿਵਾਰ ਦੇ ਖੇਤਾਂ ਲਈ ਵਿਸ਼ੇਸ਼ ਨਹਿਰ ਬਣਾਈ ਗਈ ਸੀ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਵਲੋਂ ਆਪਣੀਆਂ ਬੱਸਾਂ ਦੇ ਪਰਮਿਟ ਗਲਤ ਤਰੀਕੇ ਨਾਲ ਲਏ ਗਏ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਆਖਿਆ ਸੀ ਪਰ ਸੀਐੱਮ ਮਾਨ ਵਲੋਂ ਮੁਆਫੀ ਨਹੀਂ ਮੰਗੀ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮਾਣਹਾਨੀ ਦਾ ਕੇਸ ਸ੍ਰੀ ਮੁਕਤਸਰ ਸਾਹਿਬ ਦੀ ਅਦਲਾਤ ਵਿੱਚ ਦਰਜ ਕਰਵਾ ਦਿੱਤਾ।

ਨੋਟਿਸ ਦਾ ਜਵਾਬ ਨਾ ਮਿਲਣ 'ਤੇ ਮਾਣਹਾਨੀ ਕੇਸ: ਇਸ ਦੇ ਨਾਲ ਹੀ ਅਦਾਲਤ 'ਚ ਕੇਸ ਦਾਇਰ ਕਰਨ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਪਰਿਵਾਰ ਖ਼ਿਲਾਫ਼ ਝੂਠ ਬੋਲੇ ਹਨ, ਜਿਸ ਬਾਰੇ ਉਨ੍ਹਾਂ ਨੇ ਕਾਨੂੰਨੀ ਨੋਟਿਸ ਦਿੱਤਾ ਸੀ ਪਰ ਕੋਈ ਜੁਵਾਬ ਨਾ ਆਉਣ 'ਤੇ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਮੁੱਖ ਮੰਤਰੀ ਮਾਨ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਵੱਲੋਂ ਹਰ ਪੇਸ਼ੀ 'ਤੇ ਪੇਸ਼ ਹੋਣ ਦੀ ਆਖੀ ਗੱਲ ਦਾ ਸਵਾਗਤ ਵੀ ਕੀਤਾ ਸੀ ਅਤੇ ਨਾਲ ਹੀ ਕਿਹਾ ਸੀ ਕਿ ਉਹ ਸ੍ਰੀ ਮੁਕਤਸਰ ਸਾਹਿਬ ਆਉਣ ਅਤੇ ਪ੍ਰਕਾਸ਼ ਸਿੰਘ ਬਾਦਲ ਵਾਂਗ ਲੋਕਾਂ ਨੂੰ ਫੰਡ ਦੇ ਗੱਫੇ ਵੰਡਣ ਤਾਂ ਜੋ ਉਨ੍ਹਾਂ ਦੇ ਮੁਕਤਸਰ ਸਾਹਿਬ ਆਉਣ ਦੇ ਨਾਲ ਲੋਕਾਂ ਨੂੰ ਫਾਇਦਾ ਮਿਲੇ।

ਸੀਐਮ ਮਾਨ ਨੇ ਆਖੀ ਸੀ ਇਹ ਗੱਲ: ਕਾਬਿਲੇਗੌਰ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਹਰ ਹਫ਼ਤੇ ਸੁਖਬੀਰ ਬਦਾਲ ਵੱਲੋਂ ਦਰਜ ਕਰਵਾਏ ਕੇਸ ਵਿੱਚ ਸੁਣਵਾਈ ਲਈ ਮੁਕਤਸਰ ਸਾਹਿਬ ਜਾਣਗੇ ਅਤੇ ਬਾਦਲ ਪਰਿਵਾਰ ਦੀਆਂ ਸੁਖ ਵਿਲਾਸ ਤੋਂ ਲੈ ਕੇ ਅਮਰੀਕਾ ਵਿੱਚ ਪਾਰਕਿੰਗਾਂ ਸਮੇਤ ਹੋਰ ਬੇਨਾਮੀ ਜਾਇਦਾਦਾਂ ਦਾ ਪਰਦਾਫਾਸ਼ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ "ਮੇਰੇ ਲਈ ਇਹ ਚੁਣੌਤੀ ਨਹੀਂ, ਸਗੋਂ ਇੱਕ ਮੌਕਾ ਹੈ। ਹਰ ਤਰੀਕ ਨੂੰ ਉਹ ਸਬੂਤਾਂ ਸਮੇਤ ਅਦਾਲਤ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.