ETV Bharat / state

'ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ, ਭਾਜਪਾ ਦਾ ਪਿੰਡਾਂ ਵਿੱਚ ਆਉਣਾ ਬੰਦ ਹੈ' - Lok Sabha Elections 2024

author img

By ETV Bharat Punjabi Team

Published : Mar 31, 2024, 7:28 AM IST

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਭਾਜਪਾ ਲੀਡਰਾਂ ਦੇ ਪਿੰਡਾਂ 'ਚ ਦਾਖ਼ਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਕਿਸਾਨਾਂ ਦਾ ਕਹਿਣਾ ਕਿ ਜੇਕਰ ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ ਤਾਂ ਭਾਜਪਾ ਦਾ ਪਿੰਡਾਂ ਵਿੱਚ ਆਉਣਾ ਬੰਦ ਹੈ।

ਕਿਸਾਨਾਂ ਦਾ ਭਾਜਪਾ ਲੀਡਰਾਂ ਖਿਲਾਫ਼ ਵਿਰੋਧ
ਕਿਸਾਨਾਂ ਦਾ ਭਾਜਪਾ ਲੀਡਰਾਂ ਖਿਲਾਫ਼ ਵਿਰੋਧ

ਕਿਸਾਨਾਂ ਦਾ ਭਾਜਪਾ ਲੀਡਰਾਂ ਖਿਲਾਫ਼ ਵਿਰੋਧ

ਬਠਿੰਡਾ: ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਕੂਚ ਲਈ ਵਜਿੱਦ ਹਨ, ਜਿਸ ਦੇ ਚੱਲਦੇ ਉਹ ਹਰਿਆਣਾ ਨਾਲ ਲੱਗਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰਾਂ 'ਤੇ ਬੈਠੇ ਹੋਏ ਹਨ। ਇਸ ਦੌਰਾਨ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ 'ਤੇ ਤਸ਼ੱਦਦ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਵੀ ਰੋਕਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਆਏ ਭਾਜਪਾ ਲੀਡਰਾਂ ਦਾ ਉਨ੍ਹਾਂ ਵਲੋਂ ਪਿੰਡਾਂ 'ਚ ਵਿਰੋਧ ਕੀਤਾ ਜਾਵੇਗਾ।

ਭਾਜਪਾ ਲੀਡਰਾਂ ਦਾ ਸ਼ਾਂਤਮਈ ਪ੍ਰਦਰਸ਼ਨ: ਜਿਸ ਦੇ ਚੱਲਦੇ ਪੰਜਾਬ ਵਿੱਚ ਭਾਜਪਾ ਦੀਆਂ ਇੱਕ ਵਾਰ ਫਿਰ ਪਹਿਲਾਂ ਦੀ ਤਰ੍ਹਾਂ ਮੁਸ਼ਕਿਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਫਿਰ ਤੋਂ ਸ਼ੁਰੂ ਹੋਏ ਅੰਦੋਲਨ 'ਤੇ ਹੋਏ ਤਸ਼ੱਦਦ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੁਣ ਪਿੰਡਾਂ ਵਿੱਚ ਭਾਜਪਾ ਦੇ 2024 ਦੇ ਲੋਕ ਸਭਾ ਉਮੀਦਵਾਰਾਂ ਅਤੇ ਪ੍ਰਚਾਰ ਲਈ ਆਉਣ ਵਾਲੇ ਆਗੂਆਂ ਦਾ ਸ਼ਾਂਤਮਈ ਵਿਰੋਧ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ।

ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨਾਲ ਧੋਖਾ: ਕਿਸਾਨਾਂ ਵੱਲੋਂ ਹੁਣ ਤੋਂ ਹੀ ਪਿੰਡਾਂ ਵਿੱਚ ਭਾਜਪਾ ਖਿਲਾਫ ਫਲੈਕਸਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਨਾਂ ਉੱਪਰ ਪ੍ਰਮੁੱਖ ਤੌਰ 'ਤੇ ਲਿਖਿਆ ਗਿਆ ਹੈ, ਜੇਕਰ ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ ਤਾਂ ਪਿੰਡਾਂ ਵਿੱਚ ਭਾਜਪਾ ਦਾ ਵੜਨਾ ਬੰਦ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਦੇ ਆਗੂ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਪ੍ਰਮੁੱਖ ਮੰਗਾਂ ਨੂੰ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ ਅਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਹ ਕਦਮ ਚੁੱਕਿਆ ਗਿਆ ਹੈ ਕਿ ਪਿੰਡਾਂ ਵਿੱਚ ਪ੍ਰਚਾਰ ਲਈ ਆਉਣ ਵਾਲੇ ਭਾਜਪਾ ਦੇ ਉਮੀਦਵਾਰਾਂ ਅਤੇ ਆਗੂਆਂ ਦਾ ਸ਼ਾਂਤਮਈ ਵਿਰੋਧ ਕਰਨਗੇ।

ਸ਼ਾਂਤਮਈ ਵਿਰੋਧ ਕਰਨਾ ਹਰ ਇੱਕ ਦਾ ਹੱਕ : ਉਹਨਾਂ ਕਿਹਾ ਕਿ ਭਾਰਤੀ ਲੋਕਤੰਤਰਿਕ ਦੇਸ਼ ਹੈ ਅਤੇ ਸ਼ਾਂਤਮਈ ਵਿਰੋਧ ਕਰਨਾ ਹਰ ਇੱਕ ਦਾ ਹੱਕ ਹੈ। ਉਹਨਾਂ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪਰ ਕਿਸਾਨ ਅੰਦੋਲਨ ਹਾਲੇ ਵੀ ਜਾਰੀ ਹੈ ਅਤੇ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਹੁੰਦਾ ਰਹੇਗਾ। ਜਿਸ 'ਚ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਭਾਜਪਾ ਦੇ ਲੀਡਰਾਂ ਨੂੰ ਇਸ ਵਿਰੋਧ ਦਾ ਸਾਹਮਣਾ ਕਰਨਾ ਹੀ ਪਵੇਗਾ। ਕਾਬਿਲੇਗੌਰ ਹੈ ਕਿ ਪਹਿਲਾਂ ਵੀ ਜਦੋਂ ਕਿਸਾਨ ਅੰਦੋਲਨ ਚੱਲਿਆ ਸੀ ਤਾਂ ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਭਾਜਪਾ ਲੀਡਰਾਂ ਦਾ ਵਿਰੋਧ ਹੁੰਦਾ ਦੇਖਿਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.