ETV Bharat / state

ਲੋਕ ਸਭਾ ਚੋਣਾਂ: ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: CEO

author img

By ETV Bharat Punjabi Team

Published : Mar 14, 2024, 5:07 PM IST

paid news published
paid news published

ਸਿਬਿਨ ਸੀ ਵੱਲੋਂ ਪੰਜਾਬ ਦੇ ਸਮੂਹ ਡੀ.ਪੀ.ਆਰ.ਓਜ਼. ਨਾਲ ਰਾਜ ਪੱਧਰੀ ਮੀਟਿੰਗ ਕੀਤੀ ਗਈ। ਜਿਸ 'ਚ ਉਨ੍ਹਾਂ ਸਾਰਿਆਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ।

ਸਮੱਗਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ: ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਦੀ ਜਾਂਚ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਕੋਈ ਪੇਡ ਨਿਊਜ਼ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਸਬੰਧਤ ਰਿਟਰਨਿੰਗ ਅਫ਼ਸਰਾਂ (ਆਰ.ਓ.) ਨੂੰ ਦੇਣ। ਉਨ੍ਹਾਂ ਕਿਹਾ ਕਿ ਇਹ ਕਮੇਟੀ ਚੋਣਾਂ ਨਾਲ ਸਬੰਧਤ ਖ਼ਬਰਾਂ ਦੇ ਨਾਲ-ਨਾਲ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ 'ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਇਹ ਕਮੇਟੀ ਇਸ਼ਤਿਹਾਰਾਂ ਦੀ ਤਸਦੀਕ ਤੋਂ ਇਲਾਵਾ ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

ਇਸ਼ਤਿਹਾਰਾਂ ਦੀ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਤਸਦੀਕ: ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਗਠਨ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਹ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ/ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨਾ ਯਕੀਨੀ ਬਣਾਉਣ। ਸਿਬਿਨ ਸੀ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕ ਸਭਾ ਚੋਣਾਂ ਦੇ ਅਮਲ ਨੂੰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਨਜ਼ਰ ਰੱਖੀ ਜਾਵੇਗੀ।

ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ : ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਡੀ.ਪੀ.ਆਰ.ਓਜ਼ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ਼ਤਿਹਾਰਬਾਜ਼ੀ ਦੀ ਇਸ ਨਵੀਂ ਚੁਣੌਤੀ ਦਾ ਡਟ ਕੇ ਸਾਹਮਣਾ ਕਰਦਿਆਂ ਇਸ ਮੰਤਵ ਲਈ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਸਿਬਿਨ ਸੀ ਨੇ ਆਸ ਪ੍ਰਗਟ ਕੀਤੀ ਕਿ ਡੀ.ਪੀ.ਆਰ.ਓਜ਼ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ ਅਤੇ ਚੋਣਾਂ ਦੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ: ਮੁੱਖ ਚੋਣ ਅਫ਼ਸਰ ਨੇ ਡੀ.ਪੀ.ਆਰ.ਓਜ਼ ਨੂੰ ਸਵੀਪ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਆਮ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਸੀ.ਈ.ਓ. ਨੇ ਕਿਹਾ ਕਿ ਚੋਣਾਂ ਇੱਕ ਜਮਹੂਰੀ ਅਮਲ ਹਨ ਅਤੇ ਇਹ ਯਕੀਨੀ ਬਣਾਉਣਾ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ।

ਇਹ ਸਨ ਮੀਟਿੰਗ 'ਚ ਸ਼ਾਮਲ: ਮੀਟਿੰਗ ਵਿੱਚ ਜੁਆਇੰਟ ਸੀ.ਈ.ਓ. ਸਕੱਤਰ ਸਿੰਘ ਬੱਲ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ (ਸੋਸ਼ਲ ਮੀਡੀਆ) ਮਨਵਿੰਦਰ ਸਿੰਘ ਅਤੇ ਸੀ.ਈ.ਓ ਦਫ਼ਤਰ ਦੇ ਸੋਸ਼ਲ ਮੀਡੀਆ ਮਾਹਿਰ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.