ਲੁਧਿਆਣਾ: ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ। ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲਾਂ ਵਿੱਚ ਨਵੀਨਤਮ ਸਿੱਖਿਆ ਅਮਲਾਂ ਨੂੰ ਲਾਗੂ ਕੀਤਾ ਜਾ ਸਕੇ। 'ਪੰਜਾਬ ਸਿੱਖਿਆ ਕ੍ਰਾਂਤੀ' ਦਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ। ਅਧਿਆਪਕਾਂ ਦੀ ਘਾਟ ਛੇਤੀ ਪੂਰੀ ਕੀਤੀ ਜਾਵੇਗੀ। ਇਹ ਵਿਚਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਸ਼ੁੱਕਰਵਾਰ ਨੂੰ ਹਲਕਾ ਖੰਨਾ ਦੇ ਪੰਜ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।
ਇਨ੍ਹਾਂ ਸਕੂਲਾਂ 'ਚ ਕੀਤੇ ਉਦਘਾਟਨ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ ਤੱਕ ਕਰੀਬ 4 ਕਰੋੜ ਰੁਪਏ ਦੇ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਚੁੱਕੇ ਹਨ ਅਤੇ ਹਲਕਾ ਖੰਨਾ ਦੇ ਬਾਕੀ ਰਹਿੰਦੇ ਸਕੂਲਾਂ ਵਿਚ ਵੀ ਆਉਣ ਵਾਲੇ ਸਮੇਂ ਦੌਰਾਨ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ 5 ਸਕੂਲਾਂ ਵਿੱਚ ਪਹੁੰਚ ਕੇ ਉੱਥੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ । ਜਿਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੌੜੀ ਵਿਚ 12.52 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰੇ ਤਿਆਰ ਕਰਵਾਏ ਗਏ, ਫਰਨੀਚਰ ਅਤੇ ਪ੍ਰੋਜੈਕਟਰ ਲਈ 2.5 ਲੱਖ ਰੁਪਏ ਖਰਚ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿਬੜਾ ਵਿਚ 2 ਲੱਖ ਰੁਪਏ ਦੀ ਲਾਗਤ ਬਾਥਰੂਮ ਤਿਆਰ ਕਰਵਾਏ ਗਏ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਹਿੜੂ ਵਿਚ 1.60 ਲੱਖ ਰੁਪਏ ਦੀ ਲਾਗਤ ਨਾਲ ਦੀਵਾਰ ਤਿਆਰ ਕਰਵਾਈ ਗਈ। ਸਰਕਾਰੀ ਹਾਈ ਸਕੂਲ ਦਹਿੜੂ ਵਿਚ 2 ਲੱਖ ਰੁਪਏ ਦੀ ਲਾਗਤ ਨਾਲ ਬੱਚਿਆਂ ਲਈ ਬਾਥਰੂਮ ਤਿਆਰ ਕਰਵਾਏ ਗਏ ਅਤੇ 3 ਲੱਖ ਰੁਪਏ ਦੀ ਲਾਗਤ ਨਾਲ ਸਵੇਰ ਦੀ ਸਭਾ ਲਈ ਗਰਾਊਂਡ ਤਿਆਰ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦਹਿੜੂ ਵਿਚ 1.30 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਇਨ੍ਹਾਂ ਸਕੂਲਾਂ ਵਿੱਚ ਕਮਰੇ, ਗਰਾਂਊਂਡ, ਚਾਰਦੀਵਾਰੀਆਂ ਅਤੇ ਪਖਾਨੇ ਦੀ ਉਸਾਰੀ ਦੇ ਰੂਪ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਹ ਵੱਡੀ ਰਕਮ ਖਰਚ ਕੀਤੀ ਗਈ ਹੈ।