ETV Bharat / state

ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਜੀਜੇ 'ਤੇ ਵੱਡਾ ਐਕਸ਼ਨ, ਕੈਰੋਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ - Lok Sabha Elections

author img

By ETV Bharat Punjabi Team

Published : May 26, 2024, 8:08 AM IST

LOK SABHA ELECTIONS : ਲੋਕ ਸਭਾ ਚੋਣਾਂ ਦੇ ਚੱਲਦੇ ਜਿਥੇ ਲੀਡਰ ਪ੍ਰਚਾਰ 'ਚ ਡਟੇ ਹੋਏ ਹਨ ਤਾਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਹੀ ਜੀਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ।

ਸੁਖਬੀਰ ਬਾਦਲ ਤੇ ਆਦੇਸ਼ ਪ੍ਰਤਾਪ ਕੈਰੋਂ
ਸੁਖਬੀਰ ਬਾਦਲ ਤੇ ਆਦੇਸ਼ ਪ੍ਰਤਾਪ ਕੈਰੋਂ (ETV BHARAT)

ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਆਗੂ ਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਆਦੇਸ਼ ਪ੍ਰਤਾਪ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਸੁਖਬੀਰ ਬਾਦਲ ਦੀ ਭੈਣ ਪ੍ਰਨੀਤ ਕੌਰ ਦਾ ਵਿਆਹ ਆਦੇਸ਼ ਪ੍ਰਤਾਪ ਕੈਰੋਂ ਨਾਲ ਹੋਇਆ ਹੈ।

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤਾ ਬਾਹਰ: ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਕੱਢ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ 'ਤੇ ਪਾਰਟੀ ਨੇ ਕੈਰੋਂ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਇਸ ਸਬੰਧੀ ਫੈਸਲਾ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ। ਉਨ੍ਹਾਂ ਕਿਹਾ ਕਿ ਕੈਰੋਂ ਦੀ ਪਾਰਟੀ ਵਿੱਚ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ ਕਿਉਂਕਿ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਮਿਲੀ ਸੀ।

ਵਲਟੋਹਾ ਤੇ ਕੈਰੋਂ ਦੀ ਆਪਸੀ ਖਿੱਚੋਤਾਣ ਪੁਰਾਣੀ: ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਵਿਰਸਾ ਸਿੰਘ ਵਲਟੋਹਾ ਦੀ ਆਪਸੀ ਖਿੱਚੋਤਾਣ ਬਹੁਤ ਪੁਰਾਣੀ ਹੈ। ਲਗਾਤਾਰ ਚਾਰ ਵਾਰ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤਣ ਤੋਂ ਬਾਅਦ ਬਾਦਲ ਸਰਕਾਰ ਵਿੱਚ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਪਣੀ ਪਤਨੀ ਪ੍ਰਨੀਤ ਕੌਰ ਕੈਰੋਂ ਦੀ ਟਿਕਟ 'ਤੇ ਦਾਅਵੇਦਾਰੀ ਜਤਾਉਂਦੇ ਰਹੇ ਹਨ ਪਰ ਇਸ ਵਾਰ ਵੀ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਵਿਰਸਾ ਸਿੰਘ ਵਲਟੋਹਾ ਦੇ ਪਿੱਛੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਹੱਥ ਹੈ। ਇਸ ਸਾਲ ਫਰਵਰੀ ਵਿੱਚ ਵਲਟੋਹਾ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਿਚਕਾਰ ਸੁਲ੍ਹਾ ਹੋਣ ਦੀਆਂ ਸੰਭਾਵਨਾਵਾਂ ਬਣੀਆਂ ਸਨ ਪਰ ਇਹ ਸਿਰੇ ਨਹੀਂ ਚੜ੍ਹ ਸਕੀਆਂ।

ਖਡੂਰ ਸਾਹਿਬ 'ਚ ਵਲਟੋਹਾ ਦੀ ਪਕੜ: ਵਲਟੋਹਾ ਲੋਕ ਸਭਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ। ਇਸ ਸੀਟ 'ਤੇ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਨੇ ਲਾਲਜੀਤ ਸਿੰਘ ਭੁੱਲਰ ਅਤੇ ਭਾਜਪਾ ਨੇ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਇਸ ਸੀਟ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ, ਜਿਸ ਕਾਰਨ ਇਸ ਸੀਟ 'ਤੇ ਉਨ੍ਹਾਂ ਦੀ ਪਕੜ ਮਜ਼ਬੂਤ ​​ਮੰਨੀ ਜਾਂਦੀ ਹੈ। ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ 'ਤੇ ਦਾਅ ਖੇਡਿਆ ਹੈ। ਖਡੂਰ ਸਾਹਿਬ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਜਾਂ ਬੀਬੀ ਜਗੀਰ ਕੌਰ ਨੂੰ ਮੈਦਾਨ ਵਿੱਚ ਉਤਾਰੇ ਜਾਣ ਦੀ ਵੀ ਚਰਚਾ ਸੀ। ਖਡੂਰ ਸਾਹਿਬ ਲੋਕ ਸਭਾ ਸੀਟ, ਜੋ ਪੰਥਕ ਸੀਟ ਵਜੋਂ ਮਸ਼ਹੂਰ ਹੈ, 2008 ਵਿੱਚ ਹੋਂਦ ਵਿੱਚ ਆਈ ਸੀ।

ਸੱਤਵੇਂ ਪੜਾਅ 'ਚ 1 ਜੂਨ ਨੂੰ ਵੋਟਾਂ: ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। ਇਨ੍ਹਾਂ ਸਾਰੀਆਂ ਸੀਟਾਂ 'ਤੇ ਆਖਰੀ ਸੱਤਵੇਂ ਪੜਾਅ 'ਚ 1 ਜੂਨ ਨੂੰ ਵੋਟਿੰਗ ਹੋਵੇਗੀ। ਸੂਬੇ ਦੀਆਂ ਸਾਰੀਆਂ ਸੀਟਾਂ ਲਈ ਵੱਖ-ਵੱਖ ਪਾਰਟੀਆਂ ਦੇ ਕੁੱਲ 328 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਹਨ। ਚੋਣਾਂ ਲਈ ਸਾਰੀਆਂ ਪਾਰਟੀਆਂ ਆਪਣੀ ਪੂਰੀ ਤਾਕਤ ਲਗਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਚੋਣ ਮੈਦਾਨ ਵਿੱਚ ਇਕੱਲਿਆਂ ਖੜ੍ਹੀ ਹੋਈ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। ਜਿਸ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੋਵੇਂ ਹੀ ਇਕੱਲਿਆਂ ਮੈਦਾਨ 'ਚ ਡਟੇ ਹੋਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.