ETV Bharat / state

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ, ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

author img

By ETV Bharat Punjabi Team

Published : Feb 12, 2024, 6:58 PM IST

13 ਫਰਵਰੀ ਦੇ ਕਿਸਾਨ ਅੰਦੋਲਨ ਨੂੰ ਲੈਕੇ ਬਠਿੰਡਾ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਦੇ ਬਾਰਡਰਾਂ ਨੂੰ ਹਰਿਆਣਾ ਦੇ ਪ੍ਰਸ਼ਾਸਨ ਵੱਲੋਂ ਸੀਲ ਕਰ ਦਿੱਤਾ ਹੈ। ਵਿਜੇਦਰ ਸਿੰਘ ਆਈ ਏ ਐਸ ਪ੍ਰਿੰਸੀਪਲ ਸੈਕਟਰੀ ਹਰਿਆਣਾ ਸਰਕਾਰ ਨੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

the farmer movement
ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਮੁੜ ਦਿੱਲੀ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਦੇ ਮੱਦੇਨਜ਼ਰ ਜਿੱਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਬਾਰਡਰਾਂ ਉੱਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਬਠਿੰਡਾ ਦੇ ਡੱਬ ਵਾਲੀ ਰੋਡ ਉੱਤੇ ਸਥਿਤ ਡੂਮ ਵਾਲੀ ਬੈਰੀਅਰ ਵਿਖੇ ਹਰਿਆਣਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਕੰਕਰੀਟ ਦੀਆਂ ਦੀਵਾਰਾਂ ਬਣਾ ਕੇ ਉਹਨਾਂ ਵਿੱਚ ਮਿੱਟੀ ਭਰੀ ਜਾ ਰਹੀ ਹੈ ਉੱਥੇ ਹੀ ਬੈਰੀਕੇਟਸ ਉੱਪਰ ਤਾਰਾਂ ਲੱਗਾਈਆਂ ਗਈਆਂ ਹਨ ਅਤੇ ਸੜਕ ਉੱਪਰ ਕਿੱਲਾਂ ਤੱਕ ਲਗਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਵਿਅਕਤੀ ਇਸ ਸੜਕ ਰਾਹੀਂ ਹਰਿਆਣਾ ਵਿੱਚ ਦਾਖਲ ਨਾ ਹੋ ਸਕੇ। ਇਸ ਤੋਂ ਇਲਾਵਾ ਪਾਣੀ ਦੀਆਂ ਬਛਾਰਾ, ਅੱਥਰੂ ਗੈਸ ਦੇ ਗੋਲੇ ਫਾਇਰ ਬ੍ਰਗੇਡ ਅਤੇ ਐਂਬੂਲੈਂਸ ਦੀਆਂ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਆਉਣ ਜਾਣ ਵਾਲੇ ਲੋਕਾਂ ਲਈ ਸਿਰਫ ਇੱਕ ਗੱਡੀ ਦਾ ਰਾਹ ਹੀ ਰੱਖਿਆ ਗਿਆ ਹੈ।


ਪੁਲਿਸ ਵੱਲੋਂ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧਾਂ ਕਾਰਨ ਡੂਮ ਵਾਲੀ ਬੈਰੀਅਰ ਦੇ ਨਜ਼ਦੀਕ ਰਹਿ ਰਹੇ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਾਵੇਂ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੀਆਂ ਦੀਵਾਰਾਂ ਬਣਾਈਆਂ ਗਈਆਂ ਹਨ ਪਰ ਉਹਨਾ ਦੇ ਆਉਣ ਜਾਣ ਵਾਲੇ ਰਾਸਤੇ ਵੀ ਬੰਦ ਕੀਤੇ ਜਾ ਰਹੇ ਹਨ। ਜਿਸ ਕਾਰਨ ਉਹਨਾ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਨਾਲ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਉਨਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ।

ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਰ ਪਲ ਦੀ ਜਾਣਕਾਰੀ ਲੈ ਰਹੇ ਹਨ। ਡੂਮ ਵਾਲੀ ਬੈਰੀਅਰ ਵਿਖੇ ਡਿਪਟੀ ਕਮਿਸ਼ਨਰ ਸਰਸਾ ਅਤੇ ਐਸਐਸਪੀ ਸਰਸਾ ਨਾਲ ਪਹੁੰਚੇ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 13 ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਹਨਾਂ ਵੱਲੋਂ ਹਰ ਇੱਕ ਪੰਜਾਬ ਤੋਂ ਆਉਣ ਵਾਲੇ ਰਸਤੇ ਉੱਤੇ ਨਾਕਾਬੰਦੀ ਕੀਤੀ ਗਈ ਹੈ ਜਿੱਥੇ ਪੁਲਿਸ ਦੇ ਕਰਮਚਾਰੀ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਥੋੜਾ ਸਬਰ ਲੋਕਾਂ ਨੂੰ ਕਰਨਾ ਪਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.