ETV Bharat / state

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਗ੍ਰਿਫ਼ਤਾਰ, ਵਿਜੀਲੈਂਸ ਨੇ ਕੀਤਾ ਐਕਸ਼ਨ

author img

By ETV Bharat Punjabi Team

Published : Mar 14, 2024, 10:22 AM IST

Vigilance arrested female senior assistant taking bribe in Amritsar
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿਖੇ ਜ਼ਿਲ੍ਹਾ ਖਜ਼ਾਨਾ ਦਫਤਰ ਵਿੱਚ ਬਤੌਰ ਸਹਾਇਕ ਸੀਨੀਅਰ ਤਾਇਨਾਤ ਮਹਿਲਾ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ।

ਜੀਪੀਐਫ ਜਾਰੀ ਕਰਨ ਬਦਲੇ ਮੰਗੀ ਰਿਸ਼ਵਤ: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ: ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

ਲੁਧਿਆਣਾ ਵਿਖੇ ਵੀ ਐਕਸ਼ਨ: ਬੀਤੇ ਦਿਨੀ ਲੁਧਿਆਣਾ ਵਿੱਚ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.