ਹਾਈਕੋਰਟ ਪਹੁੰਚੀ CBI, ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੀ ਹੈ ਮਾਮਲਾ
ਸ਼ਰਾਬ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਕੇਜਰੀਵਾਲ ਨੂੰ ਬਰੀ ਕਰਨ ਤੋਂ ਬਾਅਦ, 'ਆਪ' ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੇਸ਼ ਤੋਂ ਮੁਆਫੀ ਮੰਗੇ।


Published : February 28, 2026 at 11:13 AM IST
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਅਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।
ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਮੰਗਣ ਮੁਆਫੀ
ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਕੇਂਦਰੀ ਜਾਂਚ ਏਜੰਸੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ, "ਸੀਬੀਆਈ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।" ਇਸ ਤੋਂ ਪਹਿਲਾਂ ਕੇਜਰੀਵਾਲ ਵਿਰੁੱਧ ਸ਼ਰਾਬ ਨੀਤੀ ਮਾਮਲੇ ਨੂੰ ਖਾਰਜ ਕਰਨ ਦੇ ਅਦਾਲਤ ਦੇ ਫੈਸਲੇ ਤੋਂ ਬਾਅਦ, 'ਆਪ' ਪਾਰਟੀ ਨੇ ਮੰਗ ਕੀਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇਸ਼ ਤੋਂ ਮੁਆਫ਼ੀ ਮੰਗਣ।
ਭਾਜਪਾ ਤੋਂ ਬਰਦਾਸ਼ਤ ਨਹੀਂ ਹੋਈ 'ਆਪ' ਦੀ ਸਫਲਤਾ
'ਆਪ' ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ, 'ਇਸ ਫੈਸਲੇ ਨੇ ਅਰਵਿੰਦ ਕੇਜਰੀਵਾਲ ਅਤੇ ਹੋਰ ਪਾਰਟੀ ਨੇਤਾਵਾਂ ਨੂੰ ਬਦਨਾਮ ਕਰਨ ਦੀ ਅਸਫਲ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੇ ਸਕੂਲਾਂ, ਹਸਪਤਾਲਾਂ ਅਤੇ ਜਨਤਕ ਸੇਵਾਵਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਸਨ ਅਤੇ ਇਸ ਲਈ ਪਾਰਟੀ ਦੇ ਅਕਸ ਨੂੰ ਖਰਾਬ ਕਰਨ ਦੀ ਮੁਹਿੰਮ ਚਲਾਈ।'
ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ 'ਆਪ' ਨੇਤਾਵਾਂ ਵਿਰੁੱਧ ਇੱਕ ਝੂਠਾ ਕੇਸ ਦਾਇਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਹੁਣ ਉਨ੍ਹਾਂ ਨੂੰ ਸਾਰੇ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਹੈ,ਇਹ ਇੱਕ ਬਹੁਤ ਵੱਡਾ ਫੈਸਲਾ ਹੈ। ਇਹ ਫੈਸਲਾ ਸਾਬਤ ਕਰਦਾ ਹੈ ਕਿ ਇੱਕ ਖ਼ਤਰਨਾਕ, ਯੋਜਨਾਬੱਧ, ਸਾਜ਼ਿਸ਼ੀ ਅਤੇ ਤਾਨਾਸ਼ਾਹ ਆਦਮੀ ਦੇਸ਼ 'ਤੇ ਰਾਜ ਕਰ ਰਿਹਾ ਹੈ, ਅਤੇ ਉਸ ਦਾ ਨਾਮ ਨਰਿੰਦਰ ਮੋਦੀ ਹੈ।-ਸੰਜੇ ਸਿੰਘ,ਆਪ ਆਗੂ
ਸੰਜੇ ਸਿੰਘ ਨੇ ਇਲਜ਼ਾਮ ਲਗਾਇਆ ਕਿ 'ਆਪ' ਆਗੂਆਂ ਨੂੰ ਜੇਲ੍ਹ ਵਿੱਚ ਸੁੱਟਿਆ ਗਿਆ ਅਤੇ ਤਸੀਹੇ ਦਿੱਤੇ ਗਏ, ਜਦੋਂ ਕਿ ਉਨ੍ਹਾਂ ਦੇ ਪਰਿਵਾਰਾਂ ਅਤੇ ਸਮਰਥਕਾਂ ਨੂੰ ਦੁੱਖ ਝੱਲਣਾ ਪਿਆ। ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਭ ਤੋਂ ਮਸ਼ਹੂਰ ਅਤੇ ਇਮਾਨਦਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਭ ਤੋਂ ਯੋਗ ਅਤੇ ਇਮਾਨਦਾਰ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਅਕਸ ਨੂੰ ਖਰਾਬ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਰਚੀ।"
'ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ'
"ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ, ਇਮਾਨਦਾਰ ਰਾਜਨੀਤਕ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ।" ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਸਿੰਘ ਨੇ ਕਿਹਾ ਜੇਕਰ ਉਨ੍ਹਾਂ ਨੂੰ ਕੋਈ ਸ਼ਰਮ ਹੈ ਤਾਂ ਉਨ੍ਹਾਂ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਰੁਕਾਵਟ ਹਨ।"
ਆਪ ਦਾ ਭਾਜਪਾ 'ਤੇ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਇਹ ਬਰਦਾਸ਼ਤ ਨਹੀਂ ਕਰ ਸਕੇ ਕਿ ਦਿੱਲੀ ਦੇ ਸਕੂਲ ਅਤੇ ਹਸਪਤਾਲ ਕਿਵੇਂ ਸੁਧਾਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੋਚ ਵਿਨਾਸ਼ਕਾਰੀ ਸੀ। "ਉਨ੍ਹਾਂ ਦੀ ਸੋਚ ਵਿਕਾਸ ਦੀ ਨਹੀਂ, ਸਗੋਂ ਤਬਾਹੀ ਦੀ ਸੀ। ਅੱਜ ਉਹ ਸੋਚ ਬੇਨਕਾਬ ਹੋ ਗਈ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਏ ਹਨ। ਸਾਡੇ ਪਰਿਵਾਰ ਇਸ ਫੈਸਲੇ 'ਤੇ ਖੁਸ਼ੀ ਨਾਲ ਰੋ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ, ਜਿਨ੍ਹਾਂ ਦੀ ਇਮਾਨਦਾਰੀ 'ਤੇ ਪ੍ਰਧਾਨ ਮੰਤਰੀ ਨੇ ਹਮਲਾ ਕੀਤਾ ਅਤੇ ਠੇਸ ਪਹੁੰਚਾਈ ਵੀ ਅਦਾਲਤ ਦੇ ਫੈਸਲੇ ਤੋਂ ਬਾਅਦ ਆਪਣੇ ਹੰਝੂ ਨਹੀਂ ਰੋਕ ਸਕੇ ਅਤੇ ਖੁਸ਼ੀ ਨਾਲ ਰੋ ਪਏ।"

