ETV Bharat / hukamnama

25 ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਹੁਕਮਨਾਮਾ ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

AMRIT WELE DA HUKAMNAMA
ਅੰਮ੍ਰਿਤ ਵੇਲੇ ਦਾ ਹੁਕਮਨਾਮਾ (Etv Bharat)
author img

By ETV Bharat Punjabi Team

Published : May 8, 2026 at 6:16 AM IST

1 Min Read
Choose ETV Bharat

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ੦੮ ਮਈ, ੨੦੨੬ (ਅੰਗ: ੬੧੯)

AMRIT WELE DA HUKAMNAMA
ਅੰਮ੍ਰਿਤ ਵੇਲੇ ਦਾ ਹੁਕਮਨਾਮਾ (Etv Bharat)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)