ETV Bharat / politics

”ਪੰਜਾਬ ਬਚਾਓ, ਸੁਖਬੀਰ ਲਿਆਓ” ਦਾ ਨਾਅਰਾ “ਅੱਗ ਬੁਝਾਓ—ਪੈਟਰੋਲ ਪਾਓ” ਵਾਂਗ, ਗਿਆਨੀ ਹਰਪ੍ਰੀਤ ਸਿੰਘ ਦਾ ਤੰਜ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਅਹਿਮ ਵਰਕਰ ਮੀਟਿੰਗ ਹੋਈ।

WORKERS MEETING SAD REVIVAL
ਮੀਟਿੰਗ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੌਜੂਦਾ ਪੰਜਾਬੀ ਰਾਜਨੀਤੀ ਅਤੇ ਪੰਥਕ ਮਸਲਿਆਂ ‘ਤੇ ਖੁੱਲ੍ਹ ਕੇ ਆਪਣਾ ਮਤ ਰੱਖਿਆ (ETV Bharat)
author img

By ETV Bharat Punjabi Team

Published : February 28, 2026 at 7:00 PM IST

2 Min Read
Choose ETV Bharat

ਸ੍ਰੀ ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇੱਕ ਅਹਿਮ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੌਜੂਦਾ ਪੰਜਾਬੀ ਰਾਜਨੀਤੀ ਅਤੇ ਪੰਥਕ ਮਸਲਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ।

ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਅਹਿਮ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ। (ETV Bharat)

ਸੁਖਬੀਰ ਸਿੰਘ ਬਾਦਲ ਦੇ ਨਾਅਰੇ ‘ਤੇ ਤਿੱਖਾ ਨਿਸ਼ਾਨਾ ਸਾਧਿਆ

ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਜਾ ਰਹੇ “ਪੰਜਾਬ ਬਚਾਓ, ਸੁਖਬੀਰ ਲਿਆਓ” ਦੇ ਨਾਅਰੇ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਇਹ ਨਾਅਰਾ ਪੂਰੀ ਤਰ੍ਹਾਂ ਹਾਸੋ-ਹੀਣ ਹੈ ਅਤੇ ਇਸਦੀ ਤੁਲਨਾ “ਅੱਗ ਬੁਝਾਓ—ਪੈਟਰੋਲ ਪਾਓ” ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ 15 ਸਾਲ ਤੱਕ ਰਾਜ ਕਰਨ ਵਾਲੀ ਖੇਤਰੀ ਪਾਰਟੀ ਨੇ ਪੰਜਾਬ ਨੂੰ ਹਰ ਪੱਖੋਂ ਨੁਕਸਾਨ ਪਹੁੰਚਾਇਆ ਹੈ ਅਤੇ ਹੁਣ ਮੁੜ ਸੱਤਾ ਵਿੱਚ ਆਉਣ ਲਈ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

"ਪੰਜਾਬ ਨੂੰ ਬਚਾਉਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਰਕਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।" - ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ

ਸੱਚ ਬੋਲਣ ਵਾਲਿਆਂ ਨੂੰ ਸਜ਼ਾ

ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਮਸਲੇ ‘ਤੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੱਚ ਬੋਲਣ ਵਾਲਿਆਂ ਨੂੰ ਅੱਜ ਸਜ਼ਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਗਿਆਨੀ ਰਘਬੀਰ ਸਿੰਘ ਪਾਰਟੀ ਦੇ ਨਾਲ ਹਨ ਅਤੇ ਪੰਥਕ ਹੱਕਾਂ ਦੀ ਲੜਾਈ ਲੜਦੇ ਰਹਿਣਗੇ।

ਚੰਦੂਮਾਜਰਾ ਅਤੇ ਮਜੀਠੀਆ ਦੀ ਮੁਲਾਕਾਤ ਸੰਬੰਧੀ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ "ਇਸ ਬਾਰੇ ਚੰਦੂਮਾਜਰਾ ਹੀ ਵਧੇਰੇ ਜਾਣਕਾਰੀ ਦੇ ਸਕਦੇ ਹਨ, ਪਰ ਇਹ ਪੱਕੀ ਗੱਲ ਹੈ ਕਿ ਚੰਦੂਮਾਜਰਾ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਪੁਨਰ ਸੁਰਜੀਤ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।"

ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦਾ ਦਫ਼ਤਰ ਖੋਲ੍ਹਿਆ ਗਿਆ

ਇਸ ਮੌਕੇ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦਾ ਦਫ਼ਤਰ ਖੋਲ੍ਹਿਆ ਗਿਆ ਹੈ, ਜਿਸਦਾ ਰਸਮੀ ਉਦਘਾਟਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਤਲਵੰਡੀ ਨੇ ਇਹ ਵੀ ਦੱਸਿਆ ਕਿ ਪਾਰਟੀ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ, ਜੋ ਪ੍ਰਸ਼ਾਸਨ ਕੋਲ ਆਪਣੀਆਂ ਮੰਗਾਂ ਲੈ ਕੇ ਆਉਂਦੇ ਹਨ, ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।