ETV Bharat / state

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ ਮੌਤ, ਪੁੱਤ ਦੇ ਆਖਰੀ ਦਰਸ਼ਨਾਂ ਲਈ ਤਰਸਿਆ ਪਰਿਵਾਰ

ਕੈਨੇਡਾ ਦੀ ਧਰਤੀ 'ਤੇ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋਣਾ ਦਾ ਮਾਮਲਾ ਸਾਹਮਣੇ ਆਇਆ ਹੈ। ਪੜ੍ਹੋ ਖ਼ਬਰ...

Punjabi Died in Canada
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ (Etv Bharat)
author img

By ETV Bharat Punjabi Team

Published : December 31, 2025 at 11:43 AM IST

2 Min Read
Choose ETV Bharat

ਬਰਨਾਲਾ: ਜ਼ਿਲ੍ਹੇ ਦੇ ਪਿੰਡ ਛੀਨੀਵਾਲ ਕਲਾਂ ਦੇ 25 ਸਾਲਾਂ ਦੇ ਬਲਤੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਦੇ ਸਰੀ ਵਿਖੇ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸਾਲ 2023 ਵਿੱਚ ਸਟੱਡੀ ਵੀਜੇ 'ਤੇ ਕੈਨੇਡਾ ਦੇ ਸਰੀ ਗਿਆ ਸੀ। ਪਰਿਵਾਰ ਨੇ ਬੱਚੇ ਦੇ ਸੁਨਹਿਰੀ ਭਵਿੱਖ ਲਈ 40 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮਾਪੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦੇ ਆਖ਼ਰੀ ਦਰਸ਼ਨ ਲਈ ਤਰਸ ਰਹੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਤੋਂ ਆਪਣੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਮ੍ਰਿਤਕ ਨੌਜਵਾਨ ਦਾ ਪਿਤਾ ਅਤੇ ਰਿਸ਼ਤੇਦਾਰ ਜਾਣਕਾਰੀ ਦਿੰਦੇ ਹੋਏ (Etv Bharat)

ਕੈਨੇਡਾ ਵਿੱਚ ਨੌਜਵਾਨ ਦੀ ਮੌਤ

ਦੱਸ ਦਈਏ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਅਚਾਨਕ ਮੌਤ ਹੋ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦਰਦਨਾਕ ਘਟਨਾ ਨਾਲ ਜਿੱਥੇ ਪਰਿਵਾਰ ਡੂੰਘੇ ਸਦਮੇ ਵਿੱਚ ਹੈ, ਉੱਥੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਬਲਤੇਜ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਛੀਨੀਵਾਲ ਕਲਾਂ ਵਜੋਂ ਹੋਈ ਹੈ, ਜੋ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਰਹਿ ਰਿਹਾ ਸੀ।

ਇਕਲੌਤਾ ਪੁੱਤ ਸੀ ਮ੍ਰਿਤਕ

ਇਸ ਮੌਕੇ ਜਗਤਾਰ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਦੱਸਿਆ ਕਿ "ਬਲਤੇਜ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਅੱਗੇ ਸਭ ਤੋਂ ਵੱਡੀ ਚੁਣੌਤੀ ਉਸ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਦੀ ਬਣੀ ਹੋਈ ਹੈ। ਪਰਿਵਾਰ ਮੁਤਾਬਿਕ ਲਾਸ਼ ਦੀ ਕਾਗਜ਼ੀ ਕਾਰਵਾਈ ਅਤੇ ਅੰਤਰਰਾਸ਼ਟਰੀ ਵਾਪਸੀ 'ਤੇ ਕਰੀਬ 25 ਲੱਖ ਰੁਪਏ ਦਾ ਖਰਚ ਆਉਣ ਦੀ ਸੰਭਾਵਨਾ ਹੈ, ਜੋ ਉਨ੍ਹਾਂ ਦੀ ਆਰਥਿਕ ਸਮਰੱਥਾ ਤੋਂ ਕਾਫ਼ੀ ਵੱਧ ਹੈ।"

Punjabi Died in Canada
ਸੋਗ 'ਚ ਬੈਠੇ ਪਰਿਵਾਰਕ ਮੈਂਬਰ (Etv Bharat)

ਸਾਥੀਆਂ ਨੇ ਫੋਨ 'ਤੇ ਦਿੱਤੀ ਜਾਣਕਾਰੀ

ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਨੇ ਰੋਹ ਭਰੇ ਮਨ ਨਾਲ ਦੱਸਿਆ ਕਿ "ਬਲਤੇਜ ਸਿੰਘ ਨੇ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਈਲਟਸ ਕਰਕੇ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਭੇਜਿਆ ਸੀ। ਪਰਿਵਾਰ ਨੇ ਕਰੀਬ 40 ਲੱਖ ਰੁਪਏ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਇਸ ਵਿੱਚ 4 ਲੱਖ ਗੋਲਡ ਲੋਨ, 12 ਲੱਖ ਰਿਸ਼ਤੇਦਾਰਾਂ ਦਾ ਅਤੇ 4 ਲੱਖ ਬੈਂਕ ਦਾ ਲੋਨ ਲੈ ਕੇ ਵਿਦੇਸ ਭੇਜਿਆ। ਬੀਤੀ 25 ਦਸੰਬਰ ਦੀ ਸਵੇਰ ਬਲਤੇਜ ਸਿੰਘ ਦੇ ਸਾਥੀਆਂ ਵੱਲੋਂ ਫ਼ੋਨ ਰਾਹੀਂ ਜਾਣਕਾਰੀ ਮਿਲੀ ਕਿ ਜਦੋਂ ਉਹ ਸੁੱਤਾ ਹੋਇਆ ਸੀ ਅਤੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਹਰਕਤ ਨਾ ਹੋਈ। ਬਾਅਦ ਵਿੱਚ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।"

ਸਰਕਾਰਾਂ ਤੇ ਸਮਾਜ ਸੇਵੀਆਂ ਨੂੰ ਅਪੀਲ

ਉਥੇ ਹੀ ਸੋਗਗ੍ਰਸਤ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜ਼ਿਲ੍ਹੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਪਾਸੋਂ ਅਪੀਲ ਕੀਤੀ ਹੈ ਕਿ ਬਲਤੇਜ ਸਿੰਘ ਦੀ ਲਾਸ਼ ਨੂੰ ਕੈਨੇਡਾ ਤੋਂ ਪਿੰਡ ਛੀਨੀਵਾਲ ਭਾਰਤ ਲਿਆਉਣ ਲਈ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਨੌਜਵਾਨ ਦੀ ਮੌਤ 'ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜਹਾਰ ਕੀਤਾ।