CEO ਅਨਿੰਦਿਤਾ ਮਿੱਤਰਾ ਨੇ ਜਲੰਧਰ 'ਚ ਈਵੀਐਮ ਵੇਅਰਹਾਊਸ ਦਾ ਕੀਤਾ ਨਿਰੀਖਣ, SIR ਨੂੰ ਲੈਕੇ ਕੀਤੀ ਸਮੀਖਿਆ ਮੀਟਿੰਗ
ਅਨਿੰਦਿਤਾ ਮਿੱਤਰਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।


Published : July 1, 2026 at 6:36 AM IST
ਜਲੰਧਰ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਜਲੰਧਰ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੇ ਵੇਅਰਹਾਊਸ ਦਾ ਤਿਮਾਹੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਮਸ਼ੀਨਾਂ ਦੀ ਸੁਰੱਖਿਆ, ਰੱਖ-ਰਖਾਅ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵੇਅਰਹਾਊਸ ਪ੍ਰਬੰਧਾਂ ਦੀ ਜਾਂਚ
ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ, ਜੁਆਇੰਟ ਸੀਈਓ ਨਵਨੀਤ ਕੌਰ ਬੱਲ, ਚੋਣ ਅਧਿਕਾਰੀਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਮੁੱਖ ਚੋਣ ਅਧਿਕਾਰੀ ਨੇ ਵੇਅਰਹਾਊਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ, ਅੱਗ ਬੁਝਾਊ ਯੰਤਰਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ
ਇਸ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਤਹਿਤ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਬੀਐਲਓਜ਼ ਨੂੰ ਸਖ਼ਤ ਹਦਾਇਤਾਂ
ਉਨ੍ਹਾਂ ਹਦਾਇਤ ਕੀਤੀ ਕਿ "ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਦਾ ਕੰਮ 24 ਜੁਲਾਈ 2026 ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਦੀ ਵੀ ਸਮੀਖਿਆ ਕੀਤੀ ਗਈ, ਜੋ 24 ਜੁਲਾਈ ਤੱਕ ਜਾਰੀ ਰਹੇਗਾ।"
ਡਰਾਫਟ ਵੋਟਰ ਸੂਚੀ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ "ਜਿਨ੍ਹਾਂ ਵੋਟਰਾਂ ਦੇ ਇਨਿਊਮਰੇਸ਼ਨ ਫਾਰਮ ਇਸ ਮਿਆਦ ਦੌਰਾਨ ਪ੍ਰਾਪਤ ਹੋ ਜਾਣਗੇ, ਉਨ੍ਹਾਂ ਦੇ ਨਾਂ 3 ਅਗਸਤ 2026 ਨੂੰ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਡਰਾਫਟ ਸੂਚੀ 'ਤੇ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਉਪਰੰਤ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।"

ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਸਮਾਂ-ਬੱਧ
ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਜਾਂ ਦੁਹਰਾਈਆਂ ਐਂਟਰੀਆਂ ਨੂੰ ਹਟਾ ਕੇ ਸਹੀ ਅਤੇ ਅੱਪਡੇਟ ਵੋਟਰ ਸੂਚੀ ਤਿਆਰ ਕਰਨੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਪ੍ਰਕਿਰਿਆ ਪਾਰਦਰਸ਼ੀ, ਸਮਾਂ-ਬੱਧ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਮੁਕੰਮਲ ਕੀਤੀ ਜਾਵੇ।

