ਰਾਹੁਲ ਗਾਂਧੀ ਖ਼ਿਲਾਫ਼ FIR ਦੇ ਵਿਰੋਧ ’ਚ ਚੰਡੀਗੜ੍ਹ ਕਾਂਗਰਸ ਦਾ ਪ੍ਰਦਰਸ਼ਨ, ਸੈਕਟਰ-35 ’ਚ ਪੁਲਿਸ ਨਾਲ ਧੱਕਾ-ਮੁੱਕੀ
FIR ਨੂੰ ਸਿਆਸੀ ਬਦਲਾਖੋਰੀ ਕਰਾਰ ਦੇ ਕੇ ਵਾਪਸ ਲੈਣ ਦੀ ਮੰਗ, ਕੇਂਦਰ ਤੇ ਉੱਤਰਾਖੰਡ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ।


Published : September 1, 2026 at 4:43 PM IST
ਚੰਡੀਗੜ੍ਹ: ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ FIR ਨੂੰ ਲੈ ਕੇ ਸਿਆਸੀ ਵਿਰੋਧ ਤੇਜ਼ ਹੋ ਗਿਆ ਹੈ। ਇਸ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-35 ਸਥਿਤ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ FIR ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ
ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਚੰਡੀਗੜ੍ਹ ਦੇ ਸੈਕਟਰ-35 ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਧੱਕਾ-ਮੁੱਕੀ ਅਤੇ ਕਾਂਗਰਸੀ ਵਰਕਰਾਂ ਦੀ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਮਾਹੌਲ ਗਰਮਾ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਕੁਝ ਸਮੇਂ ਲਈ ਮੌਕੇ ’ਤੇ ਤਣਾਅ ਦੀ ਸਥਿਤੀ ਬਣ ਗਈ। ਕਾਂਗਰਸੀ ਵਰਕਰ ਨਾਅਰੇਬਾਜ਼ੀ ਕਰਦੇ ਰਹੇ ਅਤੇ FIR ਵਾਪਸ ਲੈਣ ਦੀ ਮੰਗ ’ਤੇ ਡਟੇ ਰਹੇ। ਕਾਂਗਰਸ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ। ਪਾਰਟੀ ਆਗੂਆਂ ਨੇ ਇਲਜ਼ਾਮ ਲਾਇਆ ਕਿ ਰਾਹੁਲ ਗਾਂਧੀ ਵੱਲੋਂ ਦਲਿਤ ਸਮਾਜ ਨਾਲ ਜੁੜੇ ਮੁੱਦੇ ’ਤੇ ਅਵਾਜ਼ ਚੁੱਕੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ।

"ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼"
ਚੰਡੀਗੜ੍ਹ ਵਿੱਚ ਹੋਏ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਵੱਲੋਂ ਕੀਤੀ ਗਈ। ਕਾਂਗਰਸੀ ਆਗੂਆਂ ਨੇ ਕਿਹਾ ਕਿ, 'ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ FIR ਵੀ ਇਸੇ ਸਿਆਸੀ ਰਵੱਈਏ ਦਾ ਹਿੱਸਾ ਹੈ।'
ਕਾਂਗਰਸੀਆਂ ਦਾ ਇਲਜ਼ਾਮ
ਐੱਚ.ਐੱਸ. ਲੱਕੀ ਨੇ ਕਿਹਾ ਕਿ, 'ਕਾਂਗਰਸ ਰਾਹੁਲ ਗਾਂਧੀ ਖ਼ਿਲਾਫ਼ ਦਰਜ ਇਸ FIR ਨੂੰ ਸਵੀਕਾਰ ਨਹੀਂ ਕਰੇਗੀ ਅਤੇ ਪਾਰਟੀ ਵੱਲੋਂ ਇਸ ਦੇ ਵਿਰੋਧ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਭਾਜਪਾ ਸਰਕਾਰਾਂ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇਕਰ ਸਰਕਾਰ ਜਾਂ ਭਾਜਪਾ ਨੂੰ ਕਾਂਗਰਸ ਦੀਆਂ ਗੱਲਾਂ ਨਾਲ ਇਤਰਾਜ਼ ਹੈ ਤਾਂ ਸਿਆਸੀ ਤੌਰ ’ਤੇ ਜਵਾਬ ਦਿੱਤਾ ਜਾਣਾ ਚਾਹੀਦਾ ਹੈ, ਨਾ ਕਿ FIR ਦਰਜ ਕਰਕੇ ਵਿਰੋਧੀ ਆਗੂਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ।'

ਕੀ ਹੈ ਪੂਰਾ ਮਾਮਲਾ?
ਇਹ ਵਿਵਾਦ ਹਲਦਵਾਨੀ ਵਿੱਚ 8 ਅਗਸਤ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਨਾਲ ਜੁੜਿਆ ਹੋਇਆ ਹੈ। ਰਾਹੁਲ ਗਾਂਧੀ ਨੇ ਇਸ ਘਟਨਾ ’ਤੇ ਸਵਾਲ ਚੁੱਕਦਿਆਂ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਨਾਲ ਸਬੰਧਤ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ਼ FIR ਦਰਜ ਕੀਤੀ ਗਈ। ਪੁਲਿਸ ਮੁਤਾਬਕ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਦੇ ਨਾਲ SC/ST ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਾਰਟੀ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ FIR ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਮਾਜਿਕ ਨਿਆਂ ਅਤੇ ਦਲਿਤਾਂ ਨਾਲ ਹੋ ਰਹੇ ਕਥਿਤ ਭੇਦਭਾਵ ਦੇ ਮੁੱਦੇ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਉਣਾ ਲੋਕਤੰਤਰ ਲਈ ਠੀਕ ਨਹੀਂ ਹੈ।

